ਮੋਗਾ, 6 ਮਾਰਚ: ਦੇਸ਼ ਕਲਿੱਕ ਬਿਊਰੋ:
ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਸਰਪੰਚ ਦੀ ਪਛਾਣ ਹੈਪੀ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ ਕੀਤੀ ਫਾਇਰਿੰਗ ‘ਚ ਸਰਪੰਚ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਪਰੀ ਦੱਸੀ ਜਾ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਦੇ ਐੱਸਐੱਸਪੀ ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਸ ਟੀਮਾਂ ਨੂੰ ਜਾਂਚ ਦੇ ਹੁਕਮ ਦਿੱਤੇ ਗਏ। ਪੁਲਸ ਨੇ ਇਲਾਕੇ ਵਿਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਮੁਲਜ਼ਮਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ।



