ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ
  • 15 ਜ਼ਿਲ੍ਹਿਆਂ ਦੇ 2,777 ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ
  • ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਮਦਦ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਸਕੀਮ ਦੇ ਲਾਭ ਸਮੇਂ-ਸਿਰ ਪਹੁੰਚਾਉਣ ਦੇ ਨਿਰਦੇਸ਼

ਚੰਡੀਗੜ੍ਹ, 7 ਮਾਰਚ: ਦੇਸ਼ ਕਲਿੱਕ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ।

ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ-ਵਾਰ ਵੇਰਵਾ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354 ਅਤੇ ਜਲੰਧਰ ਵਿੱਚ 24 ਲਾਭਪਾਤਰੀਆਂ ਨੂੰ ਸਕੀਮ ਤਹਿਤ ਸਹਾਇਤਾ ਮਿਲੀ ਹੈ।

ਇਸੇ ਤਰ੍ਹਾਂ ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸ.ਏ.ਐਸ. ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨ ਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰ ਇਸ ਮਹੱਤਵਪੂਰਨ ਮੌਕੇ ਨੂੰ ਸਨਮਾਨ ਅਤੇ ਖੁਸ਼ੀ ਨਾਲ ਮਨਾਉਣ ਦੇ ਯੋਗ ਬਣਦੇ ਹਨ।

ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਦੇ ਵਿਆਹ ਇੱਜ਼ਤ ਅਤੇ ਆਤਮ-ਸਨਮਾਨ ਨਾਲ ਕਰ ਸਕਦੇ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀਆਂ ਦੀ ਪ੍ਰਕਿਰਿਆ ਅਸ਼ੀਰਵਾਦ ਪੋਰਟਲ ‘ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਅਤੇ ਸੁਗਮ ਢੰਗ ਨਾਲ ਜਾਰੀ ਰੱਖੀ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਕੀਮ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਉਹ ਬੀ.ਪੀ.ਐਲ. ਪਰਿਵਾਰ ਨਾਲ ਸੰਬੰਧਿਤ ਹੋਵੇ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਕੀਮ ਤਹਿਤ ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਤੱਕ ਲਾਭ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਪੱਛੜੇ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।