MP ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਅਰਜ਼ੀ ਰੱਦ

ਪੰਜਾਬ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਫੈਸਲੇ ਤੋਂ ਬਾਅਦ, ਉਨ੍ਹਾਂ ਨੂੰ ਮੌਜੂਦਾ ਸੰਸਦ ਸੈਸ਼ਨ ਵਿੱਚ ਹਿੱਸਾ ਨਹੀਂ ਲੈ ਸਕਣਗੇ ਅਤੇ ਹਿਰਾਸਤ ਵਿੱਚ ਹੀ ਰਹਿਣਗੇ।

ਅੰਮ੍ਰਿਤਪਾਲ ਸਿੰਘ ਨੂੰ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਹ ਇੱਕ ਚੁਣੇ ਹੋਏ ਪ੍ਰਤੀਨਿਧੀ ਹਨ ਅਤੇ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੂੰ ਅਸਥਾਈ ਤੌਰ ‘ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਸੰਸਦ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਵੋਟਰਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ।

ਦੂਜੇ ਪਾਸੇ, ਰਾਜ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਨੇ ਇਸ ਮੰਗ ਦਾ ਸਖ਼ਤ ਵਿਰੋਧ ਕੀਤਾ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਗੰਭੀਰ ਸੁਰੱਖਿਆ ਖਤਰੇ ਪੈਦਾ ਕਰ ਸਕਦੀ ਹੈ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਉਨ੍ਹਾਂ ਨੂੰ ਬਾਹਰ ਆਉਣ ਦੀ ਇਜਾਜ਼ਤ ਦੇਣਾ ਉਚਿਤ ਨਹੀਂ ਹੋਵੇਗਾ।

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ। ਇਨ੍ਹਾਂ ਆਧਾਰਾਂ ‘ਤੇ, ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ। ਇਸ ਅਦਾਲਤੀ ਹੁਕਮ ਕਾਰਨ, ਅੰਮ੍ਰਿਤਪਾਲ ਸਿੰਘ ਨੂੰ ਫਿਲਹਾਲ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।