CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਪੰਜਾਬ
  • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ, ਯਾਤਰਾਵਾਂ ਅਤੇ ਪੌਦੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ਵਵਿਆਪੀ ਜਸ਼ਨਾਂ ਲਈ ਸੰਤ ਸਮਾਜ ਮਾਰਗਦਰਸ਼ਨ ਕਰੇਗਾ, ਸਾਡੀ ਸਰਕਾਰ ਨੇ ਉਨ੍ਹਾਂ ਦੇ ਸੁਝਾਵਾਂ ਦੀ ਮੰਗ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ ‘ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ ‘ਗੁਰੂ ਰਵਿਦਾਸ ਬਗੀਚੀਆਂ’ ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿਉਂਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।”

ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇ। ਅਸੀਂ ਹਾਲ ਹੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਸਨ।”

ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ ‘ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ। ਇਹ ਪ੍ਰਕਾਸ਼ ਪੁਰਬ ਇੱਕ ਅਜਿਹਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਵਿਅਕਤੀ ਸਵੈ-ਮਾਣ ਅਤੇ ਸਨਮਾਨ ਨਾਲ ਵਿਤਕਰੇ ਤੋਂ ਮੁਕਤ ਰਹਿੰਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਮੈਂ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਅਤੇ ਸੁਝਾਅ ਦੇਣ ਦੀ ਅਪੀਲ ਕਰਦਾ ਹਾਂ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ। ਸਾਡੀ ਸਰਕਾਰ ਇਹ ਸਮਾਗਮ ਸਭ ਤੋਂ ਢੁਕਵੇਂ ਢੰਗ ਨਾਲ ਮਨਾਉਣਾ ਯਕੀਨੀ ਬਣਾਏਗੀ। ਮੈਂ ਸੰਤ ਸਮਾਜ ਨੂੰ ਪ੍ਰੋਗਰਾਮਾਂ ਨੂੰ ਉਲੀਕਣ ਲਈ ਆਪਣੇ ਸੁਝਾਵਾਂ ਨਾਲ ਸਾਡਾ ਮਾਰਗਦਰਸ਼ਨ ਕਰਨ ਦੀ ਅਪੀਲ ਕਰਦਾ ਹਾਂ।”

ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ।

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ ‘ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।