ਨਵੀਂ ਦਿੱਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਊਰੋ:
ਆਮ ਆਦਮੀ ਪਾਰਟੀ ਦੇ 10 ਵਿੱਚੋਂ 7 ਰਾਜ ਸਭਾ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਸ਼ਾਮ 4 ਵਜੇ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਇਸ ਦੇ ਨਾਲ ਹੀ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਬਿਨਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਭਾਜਪਾ ‘ਚ ਸ਼ਾਮਿਲ ਹੋ ਗਏ।
ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਰਾਜ ਸਭਾ ਸੰਸਦ ਮੈਂਬਰ ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਉਨ੍ਹਾਂ ਦੇ ਨਾਲ ਹਨ। ਪ੍ਰੈਸ ਕਾਨਫਰੰਸ ਵਿੱਚ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਹਨ, ਅਤੇ ਈਡੀ ਨੇ 10 ਦਿਨ ਪਹਿਲਾਂ (15 ਅਪ੍ਰੈਲ) ਜਲੰਧਰ ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ।
ਰਾਘਵ ਨੇ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ। ਇਸ ਲਈ, ਦਲ ਬਦਲੀ ਵਿਰੋਧੀ ਕਾਨੂੰਨ ਅਰਥਹੀਣ ਹੈ। ਰਾਘਵ ਚੱਢਾ ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਅਜਿਹਾ ਲੱਗ ਰਿਹਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ। ਅਸੀਂ ਸੰਵਿਧਾਨ ਦੇ ਪ੍ਰਬੰਧਾਂ ਦੀ ਵਰਤੋਂ ਕਰਦੇ ਹੋਏ ਭਾਜਪਾ ਵਿੱਚ ਰਲੇਵੇਂ ਦਾ ਫੈਸਲਾ ਕੀਤਾ ਹੈ।”
ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ। ਬਾਕੀ ਚਾਰ ਸੰਸਦ ਮੈਂਬਰ ਅਜੇ ਤੱਕ ਸਾਹਮਣੇ ਨਹੀਂ ਆਏ ਹਨ। ਸਵਾਤੀ ਮਾਲੀਵਾਲ ਨੇ ਕਿਹਾ, “ਮੈਂ ਈਟਾਨਗਰ ਵਿੱਚ ਹਾਂ। ਸ਼ਾਮ ਨੂੰ ਦਿੱਲੀ ਵਾਪਸ ਆਉਣ ਤੋਂ ਬਾਅਦ ਮੈਂ ਤੁਹਾਡੇ ਨਾਲ ਗੱਲ ਕਰਾਂਗੀ। ਦੱਸ ਦਈਏ ਕਿ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।



