10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਪੰਜਾਬ
  • 646 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਅਤੇ ਜੈਤੋ ਦਾ ਨਾਮ ਕੀਤਾ ਰੌਸ਼ਨ

ਫ਼ਰੀਦਕੋਟ, 12 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ ( ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜ਼ਿਲ੍ਹਾ ਫ਼ਰੀਦਕੋਟ, ਜੈਤੋ ਸ਼ਹਿਰ ਅਤੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਹੋਇਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਨਿਵੇਕਲੀ ਪਹਿਲ ਕਰਦਿਆਂ ਹਰਲੀਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਸਨਮਾਨਿਤ ਕੀਤਾ ਅਤੇ ਉਸ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਉੱਤਮ ਦਰਜੇ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਹੋਣਹਾਰ ਬੱਚਿਆਂ ਨੂੰ ਹਰ ਸੰਭਵ ਮੌਕਾ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਲੀਨ ਸ਼ਰਮਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੇ ਹਨ ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਲੀਨ ਸ਼ਰਮਾ ਦੀ ਮਾਤਾ ਰੇਣੂ ਬਾਲਾ ਤੇ ਪਿਤਾ ਜਸਵਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਲੀਨ ਸ਼ਰਮਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਜ਼ਿਲ੍ਹਾ ਫ਼ਰੀਦਕੋਟ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦੀ ਮਿਹਨਤ ਅਤੇ ਰਹਿਨੁਮਾਈ ਸਦਕਾ ਹੀ ਵਿਦਿਆਰਥੀ ਅਜਿਹੀਆਂ ਉੱਚਾਈਆਂ ਹਾਸਲ ਕਰਦੇ ਹਨ। ਉਨ੍ਹਾਂ ਹਰਲੀਨ ਸ਼ਰਮਾ ਨਾਲ ਫੋਨ ਤੇ ਗੱਲ ਕਰਕੇ ਉਸਨੂੰ ਤੇ ਉਸਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਸਕੱਤਰ ਸਕੂਲ ਸਿੱਖਿਆ ਪੰਜਾਬ ਮੈਡਮ ਸੋਨਾਲੀ ਗਿਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਂਸਲ ਅਤੇ ਪ੍ਰਿੰਸੀਪਲ ਕੁਸਮ ਕਾਲੜਾ ਵੱਲੋਂ ਵੀ ਹਰਲੀਨ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਉਸਦੇ ਰੋਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।