- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੋਲੇ- ਅਸੀਂ ਪੰਜਾਬ ਨਾਲ ਮਿਲ ਕੇ ਕੰਮ ਕਰਾਂਗੇ- ਖਾੜੀ ਸੰਕਟ ਦੇ ਬਾਵਜੂਦ ਮਿਲੇਗੀ ਪੂਰੀ ਖਾਦ; ਕਮੇਟੀ ‘ਚ ਹੋਣਗੇ PAU ਦੇ ਅਧਿਕਾਰੀ
ਨਵੀਂ ਦਿੱਲੀ, 13 ਮਈ 2026: ਪਿਛਲੇ ਇੱਕ ਹਫ਼ਤੇ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਅੱਜ ਇੱਕ ਸਕਾਰਾਤਮਕ ਤਸਵੀਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਕਰੀਬ ਪੌਣੇ ਘੰਟੇ ਤੱਕ ਅਹਿਮ ਮੀਟਿੰਗ ਚੱਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਖਾੜੀ ਸੰਕਟ (Gulf Crisis) ਦੇ ਬਾਵਜੂਦ ਪੰਜਾਬ ਨੂੰ ਖਾਦ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਿਲ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਖੇਤੀਬਾੜੀ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।
ਮੀਟਿੰਗ ਦੌਰਾਨ ਖੇਤੀਬਾੜੀ ਨੀਤੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵਿਸ਼ੇਸ਼ ਕਮੇਟੀ ਬਣਾਉਣ ‘ਤੇ ਵੀ ਸਹਿਮਤੀ ਬਣੀ। ਇਸ ਕਮੇਟੀ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਅਧਿਕਾਰੀਆਂ ਅਤੇ ਮਾਹਿਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਕਦਮ ਨਾਲ ਪੰਜਾਬ ਦੀਆਂ ਜ਼ਮੀਨੀ ਲੋੜਾਂ ਮੁਤਾਬਕ ਖੇਤੀ ਯੋਜਨਾਵਾਂ ਤਿਆਰ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ, ਪਰਾਲੀ ਦੇ ਪ੍ਰਬੰਧਨ ਅਤੇ ਕੇਂਦਰੀ ਫੰਡਾਂ ਦੀ ਰਿਲੀਜ਼ ਵਰਗੇ ਅਹਿਮ ਮੁੱਦੇ ਕੇਂਦਰੀ ਮੰਤਰੀ ਅੱਗੇ ਰੱਖੇ। ਦੋਵਾਂ ਧਿਰਾਂ ਨੇ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹਿੱਤ ਵਿੱਚ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ।



