-ਫ਼ੌਜੀ ਕੈਂਪ ‘ਤੇ ਆਤਮਘਾਤੀ ਧਮਾਕਾ; 15 ਸੈਨਿਕਾਂ ਦੀ ਮੌਤ, TTP ਨੇ ਲਈ ਜ਼ਿੰਮੇਵਾਰੀ
ਪੇਸ਼ਾਵਰ/ਇਸਲਾਮਾਬਾਦ: ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਬਾਜੌਰ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਅਤੇ ਯੋਜਨਾਬੱਧ ਆਤਮਘਾਤੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਪਾਕਿਸਤਾਨੀ ਫ਼ੌਜ ਦੇ ਇੱਕ ਕੈਂਪ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਘੱਟੋ-ਘੱਟ 15 ਸੈਨਿਕਾਂ ਦੇ ਮਾਰੇ ਜਾਣ ਦੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਫ਼ੌਜ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਫ਼ੌਜੀ ਕੈਂਪ ਦੇ ਬਾਹਰਲੇ ਹਿੱਸੇ ਵਿੱਚ ਇੱਕ ਜ਼ਬਰਦਸਤ ਧਮਾਕਾ ਕੀਤਾ। ਇਸ ਧਮਾਕੇ ਦੀ ਗੂੰਜ ਦੂਰ-ਦੂਰ ਤੱਕ ਸੁਣੀ ਗਈ ਅਤੇ ਪੂਰੇ ਕੈਂਪ ਵਿੱਚ ਅਫ਼ਰਾ-ਤਫ਼ਰੀ ਮਚ ਗਈ। ਇਸੇ ਹਫ਼ੜਾ-ਦਫ਼ੜੀ ਦਾ ਫ਼ਾਇਦਾ ਉਠਾਉਂਦੇ ਹੋਏ ਹਥਿਆਰਾਂ ਨਾਲ ਲੈਸ ਅੱਤਵਾਦੀ ਕੈਂਪ ਦੇ ਅੰਦਰ ਦਾਖ਼ਲ ਹੋ ਗਏ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਕਈ ਘੰਟਿਆਂ ਤੱਕ ਭਿਆਨਕ ਮੁਕਾਬਲਾ ਚੱਲਿਆ।
ਇਸ ਖ਼ੂਨੀ ਹਮਲੇ ਦੀ ਜ਼ਿੰਮੇਵਾਰੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਕਿਬਾਨ ਪਾਕਿਸਤਾਨ (TTP) ਨੇ ਲਈ ਹੈ। ਸੰਗਠਨ ਨੇ ਦਾਅਵਾ ਕੀਤਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੀ ਵਿਸ਼ੇਸ਼ ਆਤਮਘਾਤੀ ਇਕਾਈ “ਸਪੈਸ਼ਲ ਇਸਤਸ਼ਹਾਦੀ ਫੋਰਸਿਜ਼ (SIF)” ਵੱਲੋਂ ਅੰਜਾਮ ਦਿੱਤੀ ਗਈ ਹੈ।
ਘਟਨਾ ਤੋਂ ਤੁਰੰਤ ਬਾਅਦ ਸਥਾਨਕ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਹੈ ਅਤੇ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਮਲਾ ਪੂਰੀ ਤਰ੍ਹਾਂ ਵਿਉਂਤਬੰਦ ਸੀ ਅਤੇ ਇਸ ਵਿੱਚ ਭਾਰੀ ਮਾਤਰਾ ਵਿੱਚ ਗੋਲਾ-ਬਾਰੂਦ ਤੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ।



