BREAKING: ਚਾਰ ਭੈਣਾਂ ਦੇ ਇਕਲੌਤੇ ਭਰਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਪੰਜਾਬ
  • ਥਾਣਾ ਸਦਰ ਪੱਟੀ ਦੇ ਪਿੰਡ ਰਾਮ ਖਾਰਾ ਵਿਖੇ ਕਬੂਤਰਬਾਜ਼ੀ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ
  • ਮ੍ਰਿਤਕ ਦੀ ਪਛਾਣ 29 ਸਾਲਾ ਗੁਰਪ੍ਰੀਤ ਸਿੰਘ ਗੋਰਾ (ਪਿੰਡ ਝੁੱਗੀਆਂ ਕਾਲੂ) ਵਜੋਂ ਹੋਈ

ਪੱਟੀ/ਤਰਨਤਾਰਨ, 16 ਮਈ 2026: ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਰਾਮ ਖਾਰਾ ਵਿੱਚ ਅੱਜ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਰਾ (ਉਮਰ 29 ਸਾਲ), ਨਿਵਾਸੀ ਪਿੰਡ ਝੁੱਗੀਆਂ ਕਾਲੂ ਵਜੋਂ ਹੋਈ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮ ਖਾਰਾ ਵਿਖੇ ਇੱਕ ਕਬੂਤਰਬਾਜ਼ੀ ਟੂਰਨਾਮੈਂਟ ਚੱਲ ਰਿਹਾ ਸੀ। ਗੁਰਪ੍ਰੀਤ ਸਿੰਘ ਗੋਰਾ ਵੀ ਇਸ ਟੂਰਨਾਮੈਂਟ ਵਿੱਚ ਕਬੂਤਰ ਉਡਾਉਣ ਲਈ ਆਇਆ ਹੋਇਆ ਸੀ। ਇਸੇ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਤਾ ਲੱਗਿਆ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਗੋਰਾ ਖ਼ੁਦ ਇੱਕ ਪੁਰਾਣੇ ਕਤਲ ਕੇਸ ਵਿੱਚ ਨਾਮਜ਼ਦ ਸੀ ਅਤੇ ਕਰੀਬ ਚਾਰ ਮਹੀਨੇ ਪਹਿਲਾਂ ਹੀ ਅਦਾਲਤ ਵੱਲੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਅਜਿਹੇ ਵਿੱਚ ਪੁਲਿਸ ਵੱਲੋਂ ਇਸ ਵਾਰਦਾਤ ਨੂੰ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਦੇ ਕੋਣ ਤੋਂ ਦੇਖਿਆ ਜਾ ਰਿਹਾ ਹੈ।

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਐਸ.ਪੀ.ਡੀ. ਸੁਖਨਿੰਦਰ ਸਿੰਘ, ਡੀ.ਐਸ.ਪੀ.ਡੀ. ਸਿਵਦਰਸ਼ਨ ਸਿੰਘ, ਥਾਣਾ ਸਦਰ ਪੱਟੀ ਦੇ ਐਸ.ਐਚ.ਓ. ਗੁਰਚਰਨ ਸਿੰਘ ਅਤੇ ਚੌਂਕੀ ਇੰਚਾਰਜ ਘਰਿਆਲਾ ਏ.ਐਸ.ਆਈ. ਪਰਮਜੀਤ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਘਟਨਾ ਸਥਾਨ ‘ਤੇ ਪਹੁੰਚੇ।

ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ਰੱਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।