ਦੇਸ਼ ਕਲਿੱਕ
ਚੰਡੀਗੜ੍ਹ, 19 ਮਈ 2026: 26 ਮਈ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ MC ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਵਿਚਾਲੇ ਹੀ ਕੁਝ ਥਾਵਾਂ ਤੋਂ ਝੜਪ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ। ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਇੱਕ ਡੀ.ਐਸ.ਪੀ. (DSP) ਵੱਲੋਂ ਦੁਰਵਿਵਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਧਾਇਕਾ ਗਨੀਵ ਕੌਰ ਮਜੀਠੀਆ ਸਿਰਫ਼ ਆਪਣੇ ਹਲਕੇ ਵਿੱਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ (Scrutiny) ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਸਨ, ਪਰ ਡਿਊਟੀ ‘ਤੇ ਮੌਜੂਦ ਪੁਲਿਸ ਅਧਿਕਾਰੀ ਵੱਲੋਂ ਉਨ੍ਹਾਂ ਨਾਲ ਬੇਅਦਬੀ ਅਤੇ ਗ਼ਲਤ ਵਿਵਹਾਰ ਕੀਤਾ ਗਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਸਬੰਧਿਤ ਡੀ.ਐਸ.ਪੀ. ਦੇ ਨਾਲ-ਨਾਲ ਉਨ੍ਹਾਂ ਤਮਾਮ ਪੁਲਿਸ ਅਤੇ ਸਿਵਲ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜੋ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਬਾਦਲ ਨੇ ਦੋਸ਼ ਲਗਾਇਆ, “ਮਜੀਠਾ ਸਮੇਤ ਪੂਰੇ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ। ਇਹ ਸਿੱਧੇ ਤੌਰ ‘ਤੇ ਲੋਕਤੰਤਰ ਦਾ ਕਤਲ ਹੈ।”
ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸੁਖਬੀਰ ਸਿੰਘ ਬਾਦਲ ਨੇ ਸਿੱਧਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਟਵਿੱਟਰ (X) ਅਤੇ ਮੀਡੀਆ ਰਾਹੀਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਾਰੀ ਸਿਆਸੀ ਧੱਕੇਸ਼ਾਹੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਡੀ.ਐਸ.ਪੀ. ਦੇ ਹੱਥੋਂ ਇੱਕ ਚੁਣੀ ਹੋਈ ਮਹਿਲਾ ਵਿਧਾਇਕ ਦਾ ਅਪਮਾਨ ਹੋਣਾ ਬਹੁਤ ਹੀ ਸ਼ਰਮਨਾਕ ਹੈ ਅਤੇ ਇਸ ਘਟਨਾ ਲਈ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।



