ਵੱਡੀ ਖ਼ਬਰ: ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਹਾਦਸੇ ‘ਚ ਮੌਤ

ਪੰਜਾਬ

ਤਰਨਤਾਰਨ, 19 ਮਈ 2026: ਕਸਬਾ ਫਤਿਆਬਾਦ ਵਿਖੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸਕੂਲ ਜਾ ਰਹੇ ਅੱਠਵੀਂ ਜਮਾਤ ਦੇ ਇੱਕ ਮਾਸੂਮ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਗੈਸ ਸਿਲੰਡਰਾਂ ਨਾਲ ਲੱਦੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਬੱਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਧੀਰਜ ਤੇਜਪਾਲ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਨਿੰਦਰ ਸਿੰਘ ਨੇ ਅਤਿਅੰਤ ਭਰੇ ਮਨ ਨਾਲ ਦੱਸਿਆ ਕਿ ਧੀਰਜ ਰੋਜ਼ਾਨਾ ਦੀ ਤਰ੍ਹਾਂ ਕੱਲ੍ਹ ਸਵੇਰੇ ਵੀ ਖ਼ੁਸ਼ੀ-ਖ਼ੁਸ਼ੀ ਤਿਆਰ ਹੋ ਕੇ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਪਰਿਵਾਰ ਨੂੰ ਅੰਦਾਜ਼ਾ ਵੀ ਨਹੀਂ ਸੀ ਕਿ ਇਹ ਉਸ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਹੋਵੇਗਾ। ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹ ਗੈਸ ਸਿਲੰਡਰ ਵਾਲੀ ਗੱਡੀ ਨੇ ਮਾਸੂਮ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਚੇ ਨੂੰ ਸੰਭਲਣ ਤੱਕ ਦਾ ਮੌਕਾ ਨਹੀਂ ਮਿਲਿਆ। ਇਸ ਘਟਨਾ ਤੋਂ ਬਾਅਦ ਪੂਰੇ ਫਤਿਆਬਾਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪੀੜਤ ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਤੁਰੰਤ ਇਨਸਾਫ਼ ਦੀ ਮੰਗ ਕੀਤੀ ਹੈ। ਗੱਡੀ ਦੇ ਲਾਪਰਵਾਹ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦੋਸ਼ੀ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੱਡੀ ਦੇ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।