- ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਫ਼ ਕੀਤਾ ਸਟੈਂਡ; 26 ਮਈ ਨੂੰ ਹੋਵੇਗੀ ਵੋਟਿੰਗ, 29 ਮਈ ਨੂੰ ਆਵੇਗਾ ਰਿਜ਼ਲਟ
- EVM ਨਾਲ ਚੋਣਾਂ ਕਰਵਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ (PIL) ਅਦਾਲਤ ਵੱਲੋਂ ਖਾਰਜ
ਚੰਡੀਗੜ੍ਹ, 22 ਮਈ 2026 – ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਨੂੰ ਈਵੀਐਮ (EVM) ਰਾਹੀਂ ਕਰਵਾਉਣ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿੱਚ ਨਿਗਮ ਚੋਣਾਂ ਪੁਰਾਣੀ ਪ੍ਰਣਾਲੀ ਯਾਨੀ ਬੈਲਟ ਪੇਪਰ (Ballot Paper) ਰਾਹੀਂ ਹੀ ਕਰਵਾਈਆਂ ਜਾਣਗੀਆਂ।
ਦਰਅਸਲ, ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਚੋਣਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਬੈਲਟ ਪੇਪਰ ਦੀ ਜਗ੍ਹਾ EVM ਦੀ ਵਰਤੋਂ ਕੀਤੀ ਜਾਵੇ। ਸੁਣਵਾਈ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ (SEC) ਨੇ ਅਦਾਲਤ ਵਿੱਚ ਪੱਖ ਰੱਖਦਿਆਂ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ। ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ, ਜਿਸ ‘ਤੇ ਲੱਖਾਂ ਰੁਪਏ ਖਰਚ ਹੋ ਚੁੱਕੇ ਹਨ।
ਚੋਣ ਕਮਿਸ਼ਨ ਨੇ ਦਲੀਲ ਦਿੱਤੀ ਕਿ ਹੁਣ ਵੋਟਿੰਗ ਵਿੱਚ ਬਹੁਤ ਹੀ ਘੱਟ ਸਮਾਂ ਬਚਿਆ ਹੈ। ਜੇਕਰ ਇਸ ਮੋੜ ‘ਤੇ EVM ਦਾ ਇਸਤੇਮਾਲ ਕੀਤਾ ਜਾਂਦਾ ਹੈ, ਤਾਂ ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਨੂੰ ਸਿਖਲਾਈ (Training) ਦੇਣਾ ਅਤੇ ਸਿਆਸੀ ਪਾਰਟੀਆਂ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਨਾ ਇੰਨੇ ਸ਼ਾਰਟ ਨੋਟਿਸ ‘ਤੇ ਸੰਭਵ ਨਹੀਂ ਹੋਵੇਗਾ। ਅਦਾਲਤ ਨੇ ਚੋਣ ਕਮਿਸ਼ਨ ਦੀਆਂ ਇਨ੍ਹਾਂ ਦਲੀਲਾਂ ਅਤੇ ਸਮੇਂ ਦੀ ਘਾਟ ਨੂੰ ਸਵੀਕਾਰ ਕਰਦਿਆਂ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਹਾਈਕੋਰਟ ਦੇ ਇਸ ਹੁਕਮ ਤੋਂ ਬਾਅਦ ਚੋਣਾਂ ਨੂੰ ਲੈ ਕੇ ਬਣਿਆ ਭੰਬਲਭੂਸਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਰਾਜ ਚੋਣ ਕਮਿਸ਼ਨ ਹੁਣ ਬੈਲਟ ਪੇਪਰ ਰਾਹੀਂ ਹੀ 26 ਮਈ ਨੂੰ ਅਮਨ-ਅਮਾਨ ਨਾਲ ਵੋਟਿੰਗ ਕਰਵਾਉਣ ਦੀਆਂ ਤਿਆਰੀਆਂ ਨੂੰ ਨੇਪਰੇ ਚਾੜ੍ਹਨ ਵਿੱਚ ਜੁਟ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੀ ਹੁਣ ਬੈਲਟ ਪੇਪਰ ਦੇ ਹਿਸਾਬ ਨਾਲ ਹੀ ਚੋਣ ਮੈਦਾਨ ਵਿੱਚ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇ ਰਹੀਆਂ ਹਨ।



