Breaking: ਅਧਿਆਪਕਾਂ/ਮੁਲਾਜ਼ਮਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ, ਮਾਰੀਆਂ ਪਾਣੀਆਂ ਦੀਆਂ ਬਛਾੜਾਂ

ਪੰਜਾਬ

ਮੁਹਾਲੀ/ਚੰਡੀਗੜ੍ਹ, 31 ਮਈ 2026: ਪੰਜਾਬ ਸਕੇਲ, ਪੁਰਾਣੀ ਪੈਨਸ਼ਨ (OPS) ਅਤੇ ਭੱਤਿਆਂ ਦੀ ਬਹਾਲੀ ਸਮੇਤ ਆਪਣੀਆਂ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਐਤਵਾਰ ਨੂੰ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਦਾ ਘੇਰਾਓ ਕਰਨ ਲਈ ਚੰਡੀਗੜ੍ਹ ਵੱਲ ਵੱਡਾ ਕੂਚ ਕੀਤਾ ਗਿਆ।

ਪ੍ਰੰਤੂ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਬੁੜੈਲ ਜੇਲ੍ਹ ਦੇ ਪਿੱਛੇ, ਮੁਹਾਲੀ ਦੇ ਨੇਚਰ ਪਾਰਕ ਨੇੜੇ ਭਾਰੀ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ। ਇਸ ਦੌਰਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਖਿੱਚ-ਧੂਹ ਹੋਈ, ਜਿਸ ਕਾਰਨ ਮੌਕੇ ‘ਤੇ ਸਥਿਤੀ ਕਾਫ਼ੀ ਤਣਾਅਪੂਰਨ ਬਣ ਗਈ। ਪੁਲਿਸ ਵੱਲੋਂ ਪਾਣੀਆਂ ਦੀਆਂ ਬਛਾੜਾਂ ਮਾਰੀਆਂ।

‘ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ’ ਦੇ ਬੈਨਰ ਹੇਠ ਸਿੱਖਿਆ ਵਿਭਾਗ ਦੇ ਹਜ਼ਾਰਾਂ ਮੁਲਾਜ਼ਮ ਐਤਵਾਰ ਸਵੇਰੇ 11 ਵਜੇ ਹੀ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਉੱਥੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨ ਉਪਰੰਤ ਮੁਲਾਜ਼ਮਾਂ ਨੇ ਪੈਦਲ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਆਪਣੇ ਕਦਮ ਵਧਾ ਦਿੱਤੇ। ਜਿਉਂ ਹੀ ਪ੍ਰਦਰਸ਼ਨਕਾਰੀ ਬੁੜੈਲ ਜੇਲ੍ਹ ਦੇ ਪਿੱਛੇ ਨੇਚਰ ਪਾਰਕ ਕੋਲ ਪਹੁੰਚੇ, ਤਾਂ ਪਹਿਲਾਂ ਤੋਂ ਹੀ ਮੁਸਤੈਦ ਪੁਲਿਸ ਫ਼ੋਰਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਮੁਲਾਜ਼ਮ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਏ।

ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂਆਂ ਵਿਕਰਮਦੇਵ ਸਿੰਘ, ਮਹਿੰਦਰ ਕੋੜਿਆਵਾਲੀ, ਕੁਲਦੀਪ ਸਿੰਘ ਬਰਨਾਲਾ, ਦੀਪਕ ਕੰਬੋਜ, ਰਜਿੰਦਰ ਸਿੰਘ ਸੰਧਾ, ਗੁਰਦੀਪ ਬਾਸੀ, ਸੰਦੀਪ ਗਿੱਲ, ਸ਼ਲਿੰਦਰ ਕੰਬੋਜ, ਗੁਰਮੀਤ ਸਿੰਘ ਭੂੰਦੜ ਅਤੇ ਜਗਮੋਹਨ ਸਿੰਘ ਨੇ ਸਾਂਝੇ ਤੌਰ ‘ਤੇ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ।

ਆਗੂਆਂ ਨੇ ਆਖਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਪੜਾਅਵਾਰ ਤਰੀਕੇ ਨਾਲ ਸ਼ਾਂਤਮਈ ਸੰਘਰਸ਼ ਕਰਦੇ ਆ ਰਹੇ ਹਨ, ਲੇਕਿਨ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਨੂੰ ਹੁਣ ਤੱਕ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਾ ਕੱਢਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।