ਤਾਮਿਲਨਾਡੂ: ਤਾਮਿਲਨਾਡੂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ, ਤਾਮਿਲਨਾਡੂ ਵਿੱਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਕੇ. ਅੰਨਾਮਲਾਈ ਨੇ ਪਾਰਟੀ ਛੱਡਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ, ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਦੇ ਇਸ ਅਸਤੀਫ਼ੇ ‘ਤੇ ਆਖਰੀ ਫ਼ੈਸਲਾ ਲੈਣ ਲਈ ਕੁਝ ਸਮਾਂ ਮੰਗਿਆ ਹੈ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਸੂਤਰਾਂ ਅਨੁਸਾਰ, ਅੰਨਾਮਲਾਈ ਨੇ ਮੰਗਲਵਾਰ ਸਵੇਰੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਦੁਪਹਿਰ ਵੇਲੇ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਵੱਖਰੀ ਬੈਠਕ ਕੀਤੀ। ਤੁਹਾਨੂੰ ਦੱਸ ਦੇਈਏ ਕਿ ਬੀ.ਐੱਲ. ਸੰਤੋਸ਼ ਨੂੰ ਰਾਜਨੀਤੀ ਵਿੱਚ ਅੰਨਾਮਲਾਈ ਦਾ ਗੁਰੂ ਮੰਨਿਆ ਜਾਂਦਾ ਹੈ।
‘ਦਿ ਇੰਡੀਅਨ ਐਕਸਪ੍ਰੈਸ’ ਦੀ ਇੱਕ ਰਿਪੋਰਟ ਮੁਤਾਬਕ, ਅੰਨਾਮਲਾਈ ਭਾਜਪਾ ਛੱਡਣ ਦਾ ਪੂਰਾ ਮਨ ਬਣਾ ਚੁੱਕੇ ਹਨ ਅਤੇ ਉਨ੍ਹਾਂ ਦਾ ਇਹ ਦਿੱਲੀ ਦੌਰਾ ਸਿਰਫ਼ ਪਾਰਟੀ ਲੀਡਰਸ਼ਿਪ ਪ੍ਰਤੀ ਧੰਨਵਾਦ ਪ੍ਰਗਟ ਕਰਨ ਲਈ ਸੀ। ਅੰਨਾਮਲਾਈ ਨੇ ਭਾਜਪਾ ਹਾਈਕਮਾਂਡ ਅੱਗੇ ਦੋ ਸ਼ਰਤਾਂ ਰੱਖੀਆਂ ਸਨ ਪਹਿਲੀ ਸ਼ਰਤ ਜਾਂ ਤਾਂ ਉਨ੍ਹਾਂ ਨੂੰ ਘੱਟੋ-ਘੱਟ ਸੱਤ ਸਾਲਾਂ ਲਈ ਪੂਰੀ ਖ਼ੁਦਮੁਖਤਿਆਰੀ (ਆਜ਼ਾਦੀ) ਅਤੇ ਅਧਿਕਾਰਾਂ ਨਾਲ ਦੁਬਾਰਾ ਤਾਮਿਲਨਾਡੂ ਭਾਜਪਾ ਦਾ ਪ੍ਰਧਾਨ ਬਣਾਇਆ ਜਾਵੇ। ਦੂਜੀ ਸ਼ਰਤ ਜਾਂ ਫਿਰ ਉਨ੍ਹਾਂ ਨੂੰ ਆਪਣੀ ਇੱਕ ਵੱਖਰੀ ਸਿਆਸੀ ਰਾਹ ਚੁਣਨ ਦੀ ਇਜਾਜ਼ਤ ਦਿੱਤੀ ਜਾਵੇ।



