ਮੋਹਾਲੀ ‘ਚ ਖ਼ੌਫਨਾਕ ਵਾਰਦਾਤ: ਦਫ਼ਤਰ ‘ਚ ਵੜ ਕੇ ਕੁੜੀ ਦਾ ਚਾਕੂ ਮਾਰ ਕੇ ਕਤਲ
ਚੰਡੀਗੜ੍ਹ, 5 ਜੂਨ 2026: ਮੋਹਾਲੀ ਦੇ ਫੇਜ਼-11 ਸਥਿਤ ਬੈਸਟੈਕ ਮਾਲ (ਸੈਕਟਰ-66) ਦੇ ਨੇੜੇ ਇੱਕ ਬੇਹੱਦ ਸਨਸਨੀਖੇਜ਼ ਅਤੇ ਖ਼ੌਫਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਨ ਵਾਲੀ 30 ਸਾਲਾ ਮੁਟਿਆਰ ਦਾ ਉਸ ਦੇ ਹੀ ਸਾਬਕਾ ਸਾਥੀ (ਪ੍ਰੇਮੀ) ਨੇ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਖ਼ੁਦ ‘ਤੇ ਵੀ ਚਾਕੂ ਨਾਲ ਹਮਲਾ ਕਰਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁੜੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਮੁਲਜ਼ਮ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ।
ਮ੍ਰਿਤਕਾ ਦੀ ਪਛਾਣ ਡਿੰਪਲ ਨਿਵਾਸੀ ਪਟਿਆਲਾ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਹਰਵਿੰਦਰ ਮਾਨ ਉਰਫ਼ ਹੈਰੀ ਵਜੋਂ ਹੋਈ ਹੈ। ਇਹ ਦੋਵੇਂ ਇੱਕ ਨਿੱਜੀ ਕੰਪਨੀ ਵਿੱਚ ਇਕੱਠੇ ਕੰਮ ਕਰਦੇ ਸਨ ਅਤੇ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਉੱਥੇ ਤਾਇਨਾਤ ਸਨ।
ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ। ਸੂਤਰਾਂ ਮੁਤਾਬਕ ਕਰੀਬ 6 ਮਹੀਨੇ ਪਹਿਲਾਂ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ, ਜਿਸ ਤੋਂ ਬਾਅਦ ਹਰਵਿੰਦਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗ ਪਿਆ।
ਦੱਸਿਆ ਜਾ ਰਿਹਾ ਹੈ ਕਿ ਉਹ ਡਿੰਪਲ ਨਾਲ ਦੁਬਾਰਾ ਸਬੰਧ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਡਿੰਪਲ ਨੇ ਉਸ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਸੀ।
ਪੁਲਿਸ ਅਨੁਸਾਰ ਵੀਰਵਾਰ ਦੇਰ ਸ਼ਾਮ ਡਿੰਪਲ ਕੰਪਨੀ ਦੇ ਦਫ਼ਤਰ ਵਿੱਚ ਆਪਣੀ ਡਿਊਟੀ ਕਰ ਰਹੀ ਸੀ। ਇਸੇ ਦੌਰਾਨ ਹਰਵਿੰਦਰ ਉੱਥੇ ਪਹੁੰਚ ਗਿਆ ਅਤੇ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਮੁਲਜ਼ਮ ਨੇ ਆਪਣੇ ਕੋਲ ਰੱਖੇ ਚਾਕੂ ਨਾਲ ਡਿੰਪਲ ‘ਤੇ ਤਾਬੜਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ।
ਡਿੰਪਲ ‘ਤੇ ਘਾਤਕ ਹਮਲਾ ਕਰਨ ਤੋਂ ਬਾਅਦ ਮੁਲਜ਼ਮ ਨੇ ਉਸੇ ਚਾਕੂ ਨਾਲ ਆਪਣੇ ਆਪ ‘ਤੇ ਵੀ ਕਈ ਵਾਰ ਕੀਤੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੂੰ ਲਹੂ-ਲੁਹਾਨ ਹਾਲਤ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਹਰਵਿੰਦਰ ਦਾ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਘਟਨਾ ਸਥਾਨ ਤੋਂ ਫੋਰੈਂਸਿਕ ਸਬੂਤ ਇਕੱਠੇ ਕਰ ਲਏ ਹਨ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਉਸ ਦੇ ਬਿਆਨ ਦਰਜ ਕੀਤੇ ਜਾਣਗੇ, ਜਿਸ ਨਾਲ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



