ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ- ਕਈ ਜ਼ਖਮੀ

ਪੰਜਾਬ

ਫ਼ਿਰੋਜ਼ਪੁਰ, 6 ਜੂਨ 2026: ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਜੰਗਾ ਵਾਲਾ ਮੋੜ ਦੇ ਨਜ਼ਦੀਕ ਇੱਕ ਪਿਕਅੱਪ ਗੱਡੀ ਅਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ, ਇੱਕੋ ਪਰਿਵਾਰ ਦੇ ਕਰੀਬ 25 ਮੈਂਬਰ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ, ਇੱਕ ਪਿਕਅੱਪ ਗੱਡੀ ਵਿੱਚ ਸਵਾਰ ਹੋ ਕੇ ਜਲਾਲਾਬਾਦ ਤੋਂ ਬਿਆਸ ਵੱਲ ਜਾ ਰਹੇ ਸਨ। ਉਹ ਆਪਣੇ ਇੱਕ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ (SMO) ਡਾ. ਨਿਖਿਲ ਗੁਪਤਾ ਨੇ ਦੱਸਿਆ ਕਿ ਮੁੱਢਲੀ ਸਹਾਇਤਾ ਤੋਂ ਬਾਅਦ ਜਿਨ੍ਹਾਂ ਮਰੀਜ਼ਾਂ ਦੀ ਹਾਲਤ ਬੇਹੱਦ ਗੰਭੀਰ ਸੀ, ਉਨ੍ਹਾਂ ਨੂੰ ਬਿਹਤਰ ਇਲਾਜ ਲਈ ਗੁਰੂ ਗੋਬਿੰਦ ਸਿੰਘ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਐੱਸ.ਐੱਸ.ਪੀ. ਭੁਪਿੰਦਰ ਸਿੰਘ ਖੁਦ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਮੌਕੇ ‘ਤੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਟੀਮਾਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀਆਂ ਹਨ। ਉਨ੍ਹਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ, “ਸਾਡੀ ਸਭ ਤੋਂ ਪਹਿਲੀ ਤਰਜੀਹ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਅਤੇ ਵਧੀਆ ਡਾਕਟਰੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।” ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਅਤੇ ਪੀੜਤ ਪਰਿਵਾਰ ਦੇ ਪਿੰਡ ਵਿੱਚ ਮਾਤਮ ਦਾ ਮਾਹੌਲ ਪਸਰ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।