- BREAKING: ਦੇਸ਼ ਭਰ ‘ਚ ਹੁਣ ਤੱਕ 93 ਪ੍ਰੀਖਿਆ ਪੇਪਰ ਲੀਕ!
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਿਕਾਰਡ ਦੀ ਤੁਲਨਾ ਦੇਸ਼ ਦੇ ਕਈ ਹੋਰ ਹਿੱਸਿਆਂ ਦੀ ਮੌਜੂਦਾ ਸਥਿਤੀ ਨਾਲ ਕੀਤੀ। ਉਨ੍ਹਾਂ ਕਿਹਾ, “2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋਣ ਦੀ ਰਿਪੋਰਟ ਮਿਲੀ ਹੈ।
ਨੀਟ ਸਮੇਤ ਪ੍ਰਮੁੱਖ ਪ੍ਰੀਖਿਆਵਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਨੂੰ ਨਿਰਾਸ਼ ਕੀਤਾ ਹੈ। ਹਾਲਾਂਕਿ, 2022 ਵਿੱਚ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ, ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਕਾਰਨ ਇਹ ਹੈ ਕਿ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਕੰਮ ਕਰ ਰਹੀ ਹੈ। ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਅਤੇ ਮੌਕੇ ਮਿਲ ਰਹੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਹਰ ਨਿਯੁਕਤੀ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਜਾਂ ਪੱਖਪਾਤ ਤੋਂ ਬਿਨਾਂ ਕੀਤੀ ਗਈ ਹੈ।
ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਭਰ ਵਿੱਚੋਂ 27ਵੇਂ ਸਥਾਨ ‘ਤੇ ਸੀ।
ਅੱਜ, ਨੀਤੀ ਆਯੋਗ ਅਨੁਸਾਰ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਪਛਾੜਦਿਆਂ ਪਹਿਲੇ ਨੰਬਰ ‘ਤੇ ਕਬਜ਼ਾ ਕੀਤਾ ਹੈ। ਇਹ ਪ੍ਰਾਪਤੀ ਇਸ ਲਈ ਸੰਭਵ ਹੋਈ ਹੈ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਵਿਦਿਅਕ ਬੁਨਿਆਦੀ ਢਾਂਚਾ ਵਿਕਸਤ ਵਿੱਚ ਨਿਵੇਸ਼ ਕੀਤਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਕੂਲ ਹੁਣ ਅਤਿ-ਆਧੁਨਿਕ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਜਿਸ ਨਾਲ ਸਕੂਲਾਂ ਵਿੱਚ ਇੱਕ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਜੋ ਸਿੱਖਣ, ਨਵੀਨਤਾ ਅਤੇ ਉੱਤਮਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀ ਹਰ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾ ਰਹੇ ਹਨ ਕਿਉਂਕਿ ਉਹ ਹੁਣ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪੰਜਾਬ ਦੇ ਸਿੱਖਿਆ ਖੇਤਰ ਵਿੱਚ ਜੋ ਤਬਦੀਲੀ ਆਈ ਹੈ ਉਹ ਬੇਮਿਸਾਲ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ। ਮੁੱਖ ਅਧਿਆਪਕਾਂ ਨੇ ਆਈਆਈਐਮ ਅਹਿਮਦਾਬਾਦ ਵਿੱਚ ਉੱਨਤ ਸਿਖਲਾਈ ਪ੍ਰਾਪਤ ਕੀਤੀ ਹੈ। ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸਾਡੇ ਅਧਿਆਪਕਾਂ ਦੀ ਮੁਹਾਰਤ ਵਿੱਚ ਵਾਧਾ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਦਾ ਉਦੇਸ਼ ਆਮ ਘਰਾਂ ਅਤੇ ਪਛੜੇ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।
ਉਨ੍ਹਾਂ ਕਿਹਾ, “ਇਹ ਸਕੂਲ ਆਫ਼ ਐਮੀਨੈਂਸ ਆਧੁਨਿਕ ਸਿੱਖਿਆ ਦੇ ਮੰਦਰਾਂ ਵਜੋਂ ਉੱਭਰ ਰਹੇ ਹਨ। ਇਹ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰ ਰਹੇ ਹਨ ਅਤੇ ਅਜਿਹੇ ਮੌਕੇ ਸਿਰਜ ਕਰ ਰਹੇ ਹਨ ਜੋ ਪਹਿਲਾਂ ਬਹੁਤੇ ਪਰਿਵਾਰਾਂ ਲਈ ਉਪਲਬਧ ਨਹੀਂ ਸਨ। ਇਹਨਾਂ ਸਕੂਲਾਂ ਦੀ ਸਫਲਤਾ ਨੂੰ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ। ਇਹ ਸਰਕਾਰੀ ਸਿੱਖਿਆ ਪ੍ਰਣਾਲੀ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਪ੍ਰੋਗਰਾਮਾਂ, ਨੀਟ, ਜੇਈਈ, ਸੀਐਲਏਟੀ, ਐਨਆਈਐਫਟੀ ਅਤੇ ਕਈ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪ੍ਰੀਖਿਆਵਾਂ ਪਾਸ ਕਰਨ ਲਈ ਹੀ ਨਹੀਂ ਸਗੋਂ ਰਾਸ਼ਟਰੀ ਪੱਧਰ ‘ਤੇ ਸਫਲਤਾਪੂਰਵਕ ਮੁਕਾਬਲਾ ਕਰਨ ਅਤੇ ਹਰ ਖੇਤਰ ਵਿੱਚ ਵੱਡੇ ਅਹੁਦੇ ਹਾਸਲ ਕਰਨ ਲਈ ਤਿਆਰ ਕਰ ਰਹੇ ਹਾਂ।”



