Weather Update: ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ; ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ!
ਚੰਡੀਗੜ੍ਹ, 10 ਜੂਨ 2026:
Weather Update: ਪੰਜਾਬ ਵਿੱਚ ਅੱਜ ਵੀ ਭਿਆਨਕ ਗਰਮੀ ਅਤੇ ਲੂ (ਹੀਟਵੇਵ) ਦਾ ਅਸਰ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਲਈ ਲੂ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਵੀਰਵਾਰ ਤੋਂ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਵਿਭਾਗ ਨੇ ਤੇਜ਼ ਹਵਾਵਾਂ ਚੱਲਣ ਅਤੇ ਕਈ ਇਲਾਕਿਆਂ ਵਿੱਚ ਗੜੇਮਾਰੀ ਹੋਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ 14 ਜੂਨ ਤੱਕ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲਦਾ ਰਹੇਗਾ। ਮੰਗਲਵਾਰ ਨੂੰ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.8 ਡਿਗਰੀ ਵੱਧ ਰਿਹਾ।
ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਰੀਦਕੋਟ ਵਿੱਚ 44 ਡਿਗਰੀ, ਲੁਧਿਆਣਾ ਵਿੱਚ 43.6 ਡਿਗਰੀ, ਅੰਮ੍ਰਿਤਸਰ ਵਿੱਚ 43.5 ਡਿਗਰੀ ਅਤੇ ਫਿਰੋਜ਼ਪੁਰ ਵਿੱਚ 43.4 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ।
ਘੱਟੋ-ਘੱਟ ਤਾਪਮਾਨ ਵਿੱਚ ਵੀ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ, ਯਾਨੀ 22.9 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।



