- ਵੱਡੀ ਖ਼ਬਰ: 5 ਕਿਲੋ ਹੈਰੋਇਨ ਸਣੇ ਤਿੰਨ ਨਾਬਾਲਗਾਂ ਸਮੇਤ ਛੇ ਗ੍ਰਿਫ਼ਤਾਰ
ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਅਗਲੇ ਅਤੇ ਪਿਛਲੇ ਸਬੰਧਾਂ ‘ਤੇ ਕਾਰਵਾਈ ਕਰਦੇ ਹੋਏ, ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 5.041 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ।
ਇਸ ਤੋਂ ਪਹਿਲਾਂ 30.045 ਕਿਲੋਗ੍ਰਾਮ ਹੈਰੋਇਨ ਨਾਲ ਤਿੰਨ ਨਾਬਾਲਗਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਿਸ ਟੀਮਾਂ ਵੱਲੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2.006 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਨਸ਼ਾ ਤਸਕਰੀ ਨੈੱਟਵਰਕ ਦੇ ਹੋਰ ਡੂੰਘੇ ਸਬੰਧਾਂ ਦਾ ਪਰਦਾਫਾਸ਼ ਹੋਇਆ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਦੁਬਈ-ਅਧਾਰਿਤ ਤਸਕਰ ਨਾਲ ਜੁੜੇ ਹੋਏ ਸਨ, ਜੋ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਦੀ ਸਪਲਾਈ ਕਰਵਾ ਰਿਹਾ ਸੀ।
ਇੱਕ ਹੋਰ ਵੱਖਰੇ ਆਪਰੇਸ਼ਨ ਦੌਰਾਨ ਪੁਲਿਸ ਨੇ ਦੂਜੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਨੈੱਟਵਰਕ ਦੇ ਕਾਰਜਾਂ ਅਤੇ ਸਬੰਧਾਂ ਬਾਰੇ ਹੋਰ ਜਾਣਕਾਰੀ ਮਿਲੀ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਨੈੱਟਵਰਕ ਦੇ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧ ਹੈ।



