Big Hukamnama from Sri Akal Takht Sahib! ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਹੁਕਮਨਾਮਾ: CM ਮਾਨ ‘ਪੰਥ ਵਿਰੋਧੀ’ ਕਰਾਰ; ਪੰਜਾਬ ਕੈਬਨਿਟ ਤੇ ਸਿੱਖ ਵਿਧਾਇਕ 29 ਜੂਨ ਨੂੰ ਤਲਬ
ਪੰਜ ਸਿੰਘ ਸਾਹਿਬਾਨ ਦਾ ਖ਼ਾਲਸਾ ਪੰਥ ਨੂੰ ਆਦੇਸ਼- ‘ਮੁੱਖ ਮੰਤਰੀ ਭਗਵੰਤ ਮਾਨ ਨੂੰ ਮੂੰਹ ਨਾ ਲਗਾਇਆ ਜਾਵੇ’
ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਮਾਮਲਾ: CM ਮਾਨ ਦੋਸ਼ੀ ਕਰਾਰ, ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਘਿਰੀ
Big Hukamnama from Sri Akal Takht Sahib! ਅੰਮ੍ਰਿਤਸਰ, 15 ਜੂਨ 2026 – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਦੀ ਸਿਆਸਤ ਅਤੇ ਸਿੱਖ ਜਗਤ ਨਾਲ ਜੁੜੇ ਕਈ ਵੱਡੇ ਅਤੇ ਸਖ਼ਤ ਫੈਸਲੇ ਲਏ ਗਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਦੋਸ਼ੀ, ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਹ ਆਦੇਸ਼ ਤੇ ਹੁਕਮਨਾਮੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਵਿੱਚ ਸਮੁੱਚੀਆਂ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਖ਼ਾਲਸਾ ਪੰਥ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਗਾਵੇ।
ਇਸ ਦੇ ਨਾਲ ਹੀ, ਵਿਵਾਦਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਪਾਸ ਕਰਨ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸ ਐਕਟ ਨੂੰ ਮਨਜ਼ੂਰੀ ਦੇਣ ਵਾਲੀ ਪੰਜਾਬ ਦੀ ਸਮੁੱਚੀ ਕੈਬਿਨਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ।
ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ ਦੌਰਾਨ ਨਾ ਸਿਰਫ਼ ਪੰਜਾਬ, ਬਲਕਿ ਵਿਦੇਸ਼ਾਂ ਵਿੱਚ ਬੈਠੇ ਸਿੱਖ ਪ੍ਰਬੰਧਾਂ ਦੇ ਮਾਮਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਚੱਲ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ, ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਬਾਰੇ ਵੀ ਅਹਿਮ ਅਤੇ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ।



