Farmer dies! ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਕਿਸਾਨ ਦੀ ਮੌਤ
ਸਮਰਾਲਾ, 15 ਜੂਨ 2026 –
Farmer dies! ਸਮਰਾਲਾ ਦੇ ਬਾਈਪਾਸ ਨੇੜਲੇ ਪਿੰਡ ਬੌਂਦਲੀ ਕੋਲ ਇੱਕ ਬੇਹੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ (Car-Bike Collision) ਦੌਰਾਨ 45 ਸਾਲਾ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਟੋਡਰਪੁਰ ਦਾ ਰਹਿਣ ਵਾਲਾ ਸੀ ਅਤੇ ਪੇਸ਼ੇ ਤੋਂ ਖੇਤੀਬਾੜੀ ਦਾ ਕੰਮ ਕਰਦਾ ਸੀ।
ਮ੍ਰਿਤਕ ਦੇ ਰਿਸ਼ਤੇਦਾਰ ਸੁਖਵੀਰ ਸਿੰਘ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮੀਤ ਸਿੰਘ ਸਵੇਰੇ ਆਪਣੇ ਪਿੰਡੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਨਿਕਲਿਆ ਸੀ। ਜਦੋਂ ਉਹ ਬਾਈਪਾਸ ਨੇੜੇ ਪਿੰਡ ਬੌਂਦਲੀ ਕੋਲ ਪਹੁੰਚਿਆ ਤਾਂ ਇੱਕ ਅਣਪਛਾਤੀ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੁਰੰਤ ਸਿਵਲ ਹਸਪਤਾਲ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਗੁਰਮੀਤ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸਵੇਰੇ ਕਰੀਬ 9:40 ਵਜੇ ਗੁਰਮੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ।
ਡਾਕਟਰ ਅਨੁਸਾਰ ਮ੍ਰਿਤਕ ਦੇ ਸਿਰ ਅਤੇ ਲੱਤ ‘ਤੇ ਬਹੁਤ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੱਕਰ ਮਾਰਨ ਵਾਲੀ ਗੱਡੀ ਦੀ ਭਾਲ ਕੀਤੀ ਜਾ ਰਹੀ ਹੈ।



