*ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ
*ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ*
ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ।
ਡਾ. ਬਲਜੀਤ ਕੌਰ ਨੇ ਕਿਹਾ, “ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।”
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਘਰਾਂ ਦੇ ਸੁਚਾਰੂ ਸੰਚਾਲਨ ਲਈ ਵਿੱਤੀ ਵਰ੍ਹੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਵਿੱਤੀ ਸਹਾਇਤਾ ਨਾਲ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣਗੀਆਂ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ 26 ਬਿਰਧ ਘਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਇਹ ਸੰਸਥਾਵਾਂ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਐਲਡਰ ਹੈਲਪਲਾਈਨ ਨੰਬਰ 14567 ਉਪਲਬਧ ਹੈ। ਇਸ ਹੈਲਪਲਾਈਨ ਰਾਹੀਂ ਪ੍ਰਾਪਤ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਨਾਲ ਮਾਪੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦਿੰਦਾ ਹੈ। ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।
“ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਮੁਸਕਰਾਹਟ ਹੀ ਸਾਡੀਆਂ ਲੋਕ-ਭਲਾਈ ਨੀਤੀਆਂ ਦੀ ਅਸਲ ਸਫਲਤਾ ਹੈ।” : ਡਾ. ਬਲਜੀਤ ਕੌਰ



