Weather Update: ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ!
Weather Update: ਚੰਡੀਗੜ੍ਹ, 20 ਜੂਨ 2026 – ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਪੱਛਮੀ Disturbance 21 ਜੂਨ ਨੂੰ ਹੋਰ ਮਜ਼ਬੂਤ ਹੋਵੇਗਾ। ਇਸ ਦੇ ਪ੍ਰਭਾਵ ਕਾਰਨ ਸੂਬੇ ਦੇ 18 ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੋਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਅਲਰਟ ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਕੇਵਲ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਵੀਰਵਾਰ ਨੂੰ ਸੂਬੇ ਵਿੱਚ ਮੌਸਮ ਮੁੱਖ ਤੌਰ ‘ਤੇ ਖ਼ੁਸ਼ਕ ਰਿਹਾ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਬਠਿੰਡਾ 42.2 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਗਰਮ ਜ਼ਿਲ੍ਹਾ ਰਿਹਾ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ, ਲੁਧਿਆਣਾ 37.2, ਪਟਿਆਲਾ 40.0, ਪਠਾਨਕੋਟ 39.5, ਫਿਰੋਜ਼ਪੁਰ 38.7, ਫਾਜ਼ਿਲਕਾ 38.4 ਅਤੇ ਰੂਪਨਗਰ 39.0 ਡਿਗਰੀ ਦਰਜ ਕੀਤਾ ਗਿਆ। ਘੱਟ ਤੋਂ ਘੱਟ ਤਾਪਮਾਨ ਵਿੱਚ ਵੀ 1.1 ਡਿਗਰੀ ਦਾ ਵਾਧਾ ਹੋਇਆ। ਸਭ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਪਠਾਨਕੋਟ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ 12 ਜੂਨ ਤੋਂ 18 ਜੂਨ ਤੱਕ ਪੰਜਾਬ ਵਿੱਚ 16.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਇਸ ਸਮੇਂ ਦੌਰਾਨ ਆਮ ਮੀਂਹ 12.9 ਮਿਲੀਮੀਟਰ ਰਹਿੰਦਾ ਹੈ। ਇਸ ਤਰ੍ਹਾਂ ਸੂਬੇ ਵਿੱਚ 28 ਫ਼ੀਸਦੀ ਵੱਧ ਮੀਂਹ ਪਿਆ ਹੈ। ਦੂਜੇ ਪਾਸੇ, 1 ਜੂਨ ਤੋਂ 18 ਜੂਨ ਤੱਕ ਪੰਜਾਬ ਵਿੱਚ 20.9 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਆਮ ਮੀਂਹ 24.3 ਮਿਲੀਮੀਟਰ ਰਹਿੰਦਾ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਆਮ ਨਾਲੋਂ 14 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ 21 ਜੂਨ ਤੋਂ ਮੀਂਹ ਪੈਣ ਦੀ ਸੰਭਾਵਨਾ
ਭਿਆਨਕ ਗਰਮੀ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। 21 ਜੂਨ ਤੋਂ ਮੀਂਹ ਅਤੇ ਬੱਦਲਾਂ ਦੀ ਆਵਾਜਾਈ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਕਰੀਬ ਤਿੰਨ ਡਿਗਰੀ ਵੱਧ ਰਿਹਾ। ਉੱਥੇ ਹੀ ਘੱਟ ਤੋਂ ਘੱਟ ਤਾਪਮਾਨ 25.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਦਿਨ ਭਰ ਤੇਜ਼ ਗਰਮੀ ਦਾ ਅਸਰ ਬਣਿਆ ਰਿਹਾ। ਸ਼ਾਮ ਦੇ ਸਮੇਂ ਬੱਦਲ ਜ਼ਰੂਰ ਛਾਏ, ਪਰ ਮੀਂਹ ਨਹੀਂ ਪਿਆ।
ਇਸ ਤੋਂ ਬਾਅਦ 22 ਅਤੇ 23 ਜੂਨ ਨੂੰ ਵੀ ਮੌਸਮ ਸੁਹਾਵਣਾ ਬਣਿਆ ਰਹੇਗਾ। ਵੱਧ ਤੋਂ ਵੱਧ ਤਾਪਮਾਨ ਘਟ ਕੇ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹਲਕਾ ਤੋਂ ਦਰਮਿਆਨਾ ਮੀਂਹ ਅਤੇ ਗਰਜ-ਚਮਕ ਦਰਜ ਕੀਤੀ ਗਈ ਹੈ। ਇਸੇ ਮੌਸਮੀ ਗਤੀਵਿਧੀ ਦਾ ਅਸਰ ਹੁਣ ਚੰਡੀਗੜ੍ਹ ਦੇ ਮੌਸਮ ‘ਤੇ ਵੀ ਦਿਖਾਈ ਦੇਣ ਲੱਗਾ ਹੈ।



