ਅਪ੍ਰੈਂਟਿਸਸ਼ਿਪ ਵਰਕਰਾਂ ਦੇ ਸੰਘਰਸ਼ ਨੂੰ ਪਿਆ ਬੂਰ: ਪਾਵਰਕੌਮ ਵੱਲੋਂ 2437 ਸਹਾਇਕ ਲਾਈਨਮੈਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ
ਪਟਿਆਲਾ, 23 ਜੂਨ 2026-
ਨੌਕਰੀ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਲਗਾਤਾਰ ਤਿੱਖਾ ਸੰਘਰਸ਼ ਕਰ ਰਹੇ ਅਪ੍ਰੈਂਟਿਸਸ਼ਿਪ ਵਰਕਰਾਂ ਲਈ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਅਤੇ ਪਾਵਰਕੌਮ (PSPCL) ਵੱਲੋਂ ਵਰਕਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਰਤੀ ਦੀ ਪ੍ਰਕਿਰਿਆ ਅਧਿਕਾਰਤ ਤੌਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਦੇ ਹੱਕ ਵਿੱਚ 2437 ਸਹਾਇਕ ਲਾਈਨਮੈਨਾਂ (Assistant Linemen) ਦੀ ਭਰਤੀ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਮਹਿਜ਼ ਦੋ ਦਿਨਾਂ ਦੇ ਅੰਦਰ-ਅੰਦਰ ਹੀ ਪਾਵਰਕੌਮ ਮੈਨੇਜਮੈਂਟ ਨੇ ਮੁਸਤੈਦੀ ਦਿਖਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਪ੍ਰੈਂਟਿਸਸ਼ਿਪ ਪਾਸ ਲਾਈਨਮੈਨ ਯੂਨੀਅਨ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਅਤੇ ਪਟਿਆਲਾ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਪੱਕੀ ਨੌਕਰੀ ਦੇ ਇਸ਼ਤਿਹਾਰ ਲਈ ਲਗਾਤਾਰ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਕਈ ਵਾਰ ਅਧਿਕਾਰੀਆਂ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਦੇ ਬਾਵਜੂਦ ਵਰਕਰਾਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ, ਜਿਸ ਨੂੰ ਆਖਰਕਾਰ ਹੁਣ ਬੂਰ ਪੈ ਗਿਆ ਹੈ।



