Union Minister resigns! ਵੱਡੀ ਖ਼ਬਰ: ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ
Union Minister resigns! ਨਵੀਂ ਦਿੱਲੀ, 23 ਜੂਨ 2026- ਭਾਰਤੀ ਜਨਤਾ ਪਾਰਟੀ (BJP) ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਜਾਰਜ ਕੂਰੀਅਨ ਨੇ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਹ ਘੱਟਗਿਣਤੀ ਮਾਮਲਿਆਂ ਅਤੇ ਮੱਛੀ ਪਾਲਣ ਵਿਭਾਗ ਦੇ ਰਾਜ ਮੰਤਰੀ ਸਨ।
ਉਨ੍ਹਾਂ ਦਾ ਰਾਜ ਸਭਾ ਕਾਰਜਕਾਲ ਵੀ 21 ਜੂਨ ਨੂੰ ਪੂਰਾ ਹੋ ਗਿਆ ਸੀ। ਅਜਿਹੇ ਵਿੱਚ ਅੱਜ ਉਨ੍ਹਾਂ ਨੇ ਅਚਾਨਕ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਭੇਜ ਕੇ ਪਾਰਟੀ ਹਾਈਕਮਾਂਡ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਸਲਾਹ ‘ਤੇ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਜਾਰਜ ਕੂਰੀਅਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ।
ਜਾਰਜ ਕੂਰੀਅਨ ਦੀ ਜਗ੍ਹਾ ਤਰੁਣ ਚੁੱਘ ਬਣੇ ਸਾਂਸਦ
ਦੱਸ ਦੇਈਏ ਕਿ ਜਾਰਜ ਕੂਰੀਅਨ ਕੇਰਲ ਭਾਜਪਾ ਦੇ ਆਗੂ ਹਨ ਅਤੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ, ਪਰ ਇਸ ਵਾਰ ਉਨ੍ਹਾਂ ਨੂੰ ਦੁਬਾਰਾ ਰਾਜ ਸਭਾ ਨਹੀਂ ਭੇਜਿਆ ਗਿਆ। ਉਨ੍ਹਾਂ ਦੀ ਜਗ੍ਹਾ ਮੱਧ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਹੈ।
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕੇਰਲ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਜਾਰਜ ਕੂਰੀਅਨ ਨੂੰ ਮੁੜ ਰਾਜ ਸਭਾ ਨਹੀਂ ਭੇਜਿਆ ਗਿਆ। ਰਾਜ ਸਭਾ ਨਾ ਭੇਜੇ ਜਾਣ ਦੀ ਨਾਰਾਜ਼ਗੀ ਦੇ ਚਲਦਿਆਂ ਹੀ ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਅਸਤੀਫ਼ਾ ਦੇਣ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।



