ਵੱਡੀ ਖ਼ਬਰ: ਮੰਤਰੀ ਹਰਜੋਤ ਬੈਂਸ ਵੱਲੋਂ ਕਮਿਸ਼ਨਰ ਨੂੰ ’ਕਾਰਨ ਦੱਸੋ ਨੋਟਿਸ’ ਜਾਰੀ!
ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ‘ਜ਼ੀਰੋ ਸਹਿਣਸ਼ੀਲਤਾ’ ਦੀ ਨੀਤੀ।
ਮੋਗਾ, 24 ਜੂਨ 2026-
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੋਗਾ ਸ਼ਹਿਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਚੈਕਿੰਗ ਦੌਰਾਨ ਸ਼ਹਿਰ ਦੀ ਖ਼ਸਤਾਹਾਲ ਸਫ਼ਾਈ ਵਿਵਸਥਾ ਨੂੰ ਦੇਖਦਿਆਂ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਮੌਕੇ ‘ਤੇ ਹੀ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ’ਕਾਰਨ ਦੱਸੋ ਨੋਟਿਸ’ (Show Cause Notice) ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਰੀਖਣ ਦੌਰਾਨ ਮੋਗਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਚੈਕਿੰਗ ਦੌਰਾਨ ਸ਼ਹਿਰ ਭਰ ਵਿੱਚ ਥਾਂ-ਥਾਂ ਖੁੱਲ੍ਹੇ ਵਿੱਚ ਸੁੱਟੇ ਕੂੜੇ ਦੇ ਢੇਰ ਅਤੇ ਸਫ਼ਾਈ ਪੱਖੋਂ ਵੱਡੀਆਂ ਕੋਤਾਹੀਆਂ ਪਾਈਆਂ ਗਈਆਂ। ਇਹ ਸਥਿਤੀ ਪੰਜਾਬ ਸਰਕਾਰ ਦੇ ਅਹਿਮ ਪ੍ਰੋਜੈਕਟ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਿਰਧਾਰਤ ਕੀਤੇ ਗਏ ਸਫ਼ਾਈ ਮਾਪਦੰਡਾਂ ਦੀ ਸਿੱਧੀ-ਸਿੱਧੀ ਉਲੰਘਣਾ ਕਰਦੀ ਦਿਖਾਈ ਦਿੱਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਸਫ਼ਾਈ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਲਈ ‘ਜ਼ੀਰੋ ਸਹਿਣਸ਼ੀਲਤਾ’ (Zero Tolerance) ਦੀ ਨੀਤੀ ਅਪਣਾਈ ਜਾਵੇਗੀ।
ਉਨ੍ਹਾਂ ਅੱਗੇ ਕਿਹਾ, “ਅੱਜ ਮੋਗਾ ਵਿੱਚ ਕੀਤੇ ਗਏ ਨਿਰੀਖਣ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਇੱਕ ਬਿਹਤਰ, ਸਿਹਤਮੰਦ ਅਤੇ ਸਾਫ਼-ਸੁਥਰੇ ਵਾਤਾਵਰਨ ਦੇ ਹੱਕਦਾਰ ਹਨ। ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀ ਜਵਾਬਦੇਹੀ ਸਖ਼ਤੀ ਨਾਲ ਤੈਅ ਕੀਤੀ ਜਾਵੇਗੀ।”
ਇਸ ਕਾਰਵਾਈ ਤੋਂ ਬਾਅਦ ਸੂਬੇ ਦੇ ਹੋਰਨਾਂ ਨਗਰ ਨਿਗਮਾਂ ਅਤੇ ਸਥਾਨਕ ਅਧਿਕਾਰੀਆਂ ਵਿੱਚ ਵੀ ਹੜਕੰਪ ਮਚ ਗਿਆ ਹੈ।



