ਕਰਨਪ੍ਰਯਾਗ ਹਿੰਸਕ ਮਾਮਲਾ: ਅਦਾਲਤ ਵੱਲੋਂ ਚਾਰ ਨਿਹੰਗਾਂ ਦੀ ਜ਼ਮਾਨਤ ਮਨਜ਼ੂਰ
ਗੋਪੇਸ਼ਵਰ/ਚਮੋਲੀ, 28 ਜੂਨ 2026
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵੱਲੋਂ ਕਰਨਪ੍ਰਯਾਗ ਵਿੱਚ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਇਸ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘਾਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਸ਼ਨਿਚਰਵਾਰ ਨੂੰ ਮਨਜ਼ੂਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਲੰਘੀ 16 ਜੂਨ ਨੂੰ ਉੱਤਰਾਖੰਡ ਦੇ ਕਰਨਪ੍ਰਯਾਗ ਇਲਾਕੇ ਵਿੱਚ ਇੱਕ ਹਿੰਸਕ ਝੜਪ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਸਤਵਿੰਦਰ ਸਿੰਘ, ਅਜੈ ਸਿੰਘ, ਜਸਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਇਹ ਚਾਰੇ ਹਿਰਾਸਤ ਵਿੱਚ ਚੱਲ ਰਹੇ ਸਨ।
ਮਾਮਲੇ ਦੀ ਸੁਣਵਾਈ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੰਧਿਆਚਲ ਸਿੰਘ ਨੇ ਚਾਰਾਂ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਤਵਿੰਦਰ ਸਿੰਘ, ਅਜੈ ਸਿੰਘ, ਜਸਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ।
ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਇਹ ਸ਼ਰਤ ਰੱਖੀ ਹੈ ਕਿ ਹਰੇਕ ਨਿਹੰਗ ਸਿੰਘ ਨੂੰ 50 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ (Personal Bond) ਅਤੇ ਇੰਨੀ ਹੀ ਰਕਮ ਦੀਆਂ ਦੋ ਸਥਾਨਕ ਜ਼ਮਾਨਤਾਂ (Sureties) ਅਦਾਲਤ ਵਿੱਚ ਪੇਸ਼ ਕਰਨੀਆਂ ਪੈਣਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ।



