ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਲੋਕ ਹੀ ਅੱਜ ਹੁਕਮ ਮੰਨਣ ਦੀਆਂ ਕਰ ਰਹੇ ਨੇ ਗੱਲਾਂ: ਗਿਆਨੀ ਹਰਪ੍ਰੀਤ ਸਿੰਘ
ਅਕਾਲੀ ਦਲ (ਪੁਨਰ-ਸੁਰਜੀਤ) ਦੀ ਅਹਿਮ ਮੀਟਿੰਗ ਵਿੱਚ ਬੀਬੀ ਜਗੀਰ ਕੌਰ ਅਤੇ ਲੌਂਗੋਵਾਲ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਲ
ਅੰਮ੍ਰਿਤਸਰ, 28 ਜੂਨ 2026
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਹੈ ਕਿ ਅੱਜ ਉਹ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਲਈ ਲਾਮਬੰਦੀ ਕਰ ਰਹੇ ਹਨ, ਜੋ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਤੋਂ ਭਗੌੜੇ ਹਨ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜਨਰਲ ਹਾਊਸ ਵਿੱਚ 2 ਦਸੰਬਰ ਦੇ ਹੁਕਮਨਾਮਿਆਂ ਤੋਂ ਭਗੌੜੇ ਹੋਏ ਅਜਿਹੇ ਲੋਕਾਂ ਖ਼ਿਲਾਫ਼ ਬਕਾਇਦਾ ਮਤਾ ਲਿਆਂਦਾ ਜਾਣਾ ਚਾਹੀਦਾ ਹੈ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਇੱਕ ਉੱਚ ਪੱਧਰੀ ਅਤੇ ਅਹਿਮ ਮੀਟਿੰਗ ਪਾਰਟੀ ਦਫ਼ਤਰ ਵਿਖੇ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਪੰਥਕ ਸਿਆਸਤ ਦੇ ਕਈ ਦਿੱਗਜ ਨੇਤਾ ਇਕੱਠੇ ਹੋਏ, ਜਿਸ ਕਾਰਨ ਮੌਜੂਦਾ ਸਿਆਸੀ ਹਲਕਿਆਂ ਵਿੱਚ ਇਸ ਦੀ ਕਾਫੀ ਚਰਚਾ ਹੋ ਰਹੀ ਹੈ।
ਇਸ ਅਹਿਮ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਮਿੱਠੂ ਸਿੰਘ ਕਾਹਨਕੇ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਕਈ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਦੀ ਰਣਨੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਬਹਾਲ ਰੱਖਣ ਦੇ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।



