Youth murdered in broad daylight in Kapurthala! ਕਪੂਰਥਲਾ ‘ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ
ਕਪੂਰਥਲਾ, 28 ਜੂਨ (2026)Youth murdered in broad daylight in Kapurthala : ਕਪੂਰਥਲਾ ਸ਼ਹਿਰ ਵਿੱਚ ਅੱਜ ਐਤਵਾਰ ਨੂੰ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ਼ਹਿਰ ਦੇ ਇੱਕ ਮੁਹੱਲੇ ਵਿੱਚ 6 ਹਮਲਾਵਰਾਂ ਨੇ ਯੋਜਨਾਬੱਧ ਤਰੀਕੇ ਨਾਲ ਘੇਰ ਕੇ ਕਰੀਬ 38 ਸਾਲਾ ਨੌਜਵਾਨ ਜਤਿੰਦਰ ਸਹਿਗਲ ‘ਤੇ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਹਿਗਲ ਜਦੋਂ ਆਪਣੇ ਘਰ ਤੋਂ ਕਿਸੇ ਕੰਮ ਲਈ ਬਾਹਰ ਨਿਕਲਿਆ ਸੀ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ 6 ਹਮਲਾਵਰਾਂ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ.. ਮੁਲਜ਼ਮਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਲਗਾਤਾਰ ਕਈ ਵਾਰ ਕੀਤੇ। ਖੂਨ ਨਾਲ ਲੱਥਪੱਥ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਤਿੰਦਰ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਸਪਤਾਲ ਵਿਖੇ ਇਕੱਠੇ ਹੋ ਗਏ।
ਪੁਲਿਸ ਮੁਤਾਬਕ ਮ੍ਰਿਤਕ ਜਤਿੰਦਰ ਸਹਿਗਲ ਖ਼ਿਲਾਫ਼ ਪਹਿਲਾਂ ਵੀ ਕੁਝ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਪੁਲਿਸ ਇਸ ਕਤਲਕਾਂਡ ਨੂੰ ਆਪਸੀ ਗੈਂਗਵਾਰ ਅਤੇ ਪੁਰਾਣੀ ਰੰਜਿਸ਼ ਦੇ ਐਂਗਲ ਨਾਲ ਜੋੜ ਕੇ ਦੇਖ ਰਹੀ ਹੈ। ਹਾਲਾਂਕਿ, ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।



