ਵਿਧਾਨ ਸਭਾ ਸਪੀਕਰ ਅਤੇ ਕੈਬਨਿਟ ਮੰਤਰੀ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਮੁਲਾਜ਼ਮ ਅਤੇ ਪੈਨਸ਼ਨਰ

Top Trending News ਪੰਜਾਬ
  • ਵਿਧਾਨ ਸਭਾ ਸਪੀਕਰ ਅਤੇ ਕੈਬਨਿਟ ਮੰਤਰੀ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਮੁਲਾਜ਼ਮ ਅਤੇ ਪੈਨਸ਼ਨਰ
  • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੰਧਵਾਂ ਵਿਖੇ ਰਿਹਾਇਸ ਸਾਹਮਣੇ 5 ਜੁਲਾਈ ਨੂੰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਕੋਠੀ ਸਾਹਮਣੇ 11 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਪੱਤਰ ਦੇਣਗੇ ਫਰੀਦਕੋਟ ਦੇ ਮੁਲਾਜ਼ਮ ਅਤੇ ਪੈਨਸ਼ਨਰ
  • 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਲਾਮਿਸਾਲ ਰੋਸ ਰੈਲੀ ਵਿਚ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਫਰੀਦਕੋਟ, 29 ਜੂਨ : (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵਈਏ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਾਂਝੀ ਕੋਆਰਡੀਨੇਸ਼ਨ ਕਮੇਟੀ ਬਣਾਕੇ ‘ਅੱਜ ਦੇ ਸਮੇਂ ਦੀ ਮੁੱਖ ਲੋੜ, ਵਿਸ਼ਾਲ ਏਕਤਾ ਤਿੱਖੇ ਘੋਲ’ ਦੇ ਨਾਹਰੇ ਨੂੰ ਬੁਲੰਦ ਕਰਦੇ ਹੋਏ ਭਗਵੰਤ ਮਾਨ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ, ਮਨਿਸਟਰੀਅਲ ਸਟਾਫ ਅਤੇ ਪੈਨਸ਼ਨਰਾਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਮੀਟਿੰਗ ਕੀਤੀ।

ਇਸ ਮੀਟਿੰਗ ਦੀ ਪ੍ਰਧਾਨਗੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਨੇ ਕੀਤੀ। ਇਸ ਤੋਂ ਇਲਾਵਾ ਹੋਰਨਾਂ ਆਗੂਆਂ ਵਿੱਚ ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਬਿਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ,ਹਰਪ੍ਰੀਤ ਸਿੰਘ ਟੀ ਐਸ ਯੂ,ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਕੁਲਵੰਤ ਸਿੰਘ ਚਾਨੀ, ਸਿਮਰਜੀਤ ਸਿੰਘ ਬਰਾੜ , , ਵੀਰ ਇੰਦਰਜੀਤ ਸਿੰਘ ਪੁਰੀ , ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੋਲੀਆ , ਅਮਰਜੀਤ ਸਿੰਘ ਵਾਲੀਆ , ਧਰਮਿੰਦਰ ਸਿੰਘ ,ਗੁਰਤੇਜ ਸਿੰਘ ਖਹਿਰਾ ਅਤੇ ਜਗਤਾਰ ਸਿੰਘ ਗਿੱਲ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਇਹ ਸਰਕਾਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਹੁੰਚ ਦੇ ਪੱਖ ਤੋਂ ਪਿਛਲੀਆਂ ਸਾਰੀਆਂ ਹੁਕਮਰਾਨ ਸਰਕਾਰਾਂ ਨਾਲੋਂ ਨਖਿੱਧ ਸਾਬਿਤ ਹੋਈ ਹੈ।

ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਆਫ ਨਹੀਂ ਕਰੇਗਾ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਤੁਰੰਤ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਜਨਰਲਾਈਜ਼ ਕਰਕੇ ਲਾਗੂ ਕੀਤੇ ਜਾਣ, ਮੰਗ ਪੱਤਰ ਵਿੱਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਖਾਸ ਤੌਰ ਤੇ ਮਿਤੀ 17-07-2020 ਤੋਂ ਬਾਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ਮੁੱਖ ਰੱਖ ਕੇ 17-07-2026 ਨੂੰ ਮੁਹਾਲੀ ਵਿਖੇ ਮਹਾਂ ਰੈਲੀ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਗਲੋਂ ਜੂਲਾ ਲਾਉਣ ਦਾ ਪ੍ਰਣ ਲਿਆ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੂਬਾਈ ਤਾਲਮੇਲ ਕਮੇਟੀ ਵੱਲੋਂ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਜਿਲ੍ਹਾ ਫਰੀਦਕੋਟ ਵਿਖ ਹਲਕਾ ਕੋਟਕਪੂਰਾ ਤੋਂ ਐੱਮ ਐੱਲ ਏ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਪਿੰਡ ਸੰਧਵਾਂ ਵਿਖੇ 5 ਜੁਲਾਈ, 2026 ਨੂੰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਮੈਂਬਰ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਵਿਖੇ ਕੋਠੀ ਸਾਹਮਣੇ 11 ਜੁਲਾਈ, 2026 ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਦਿੱਤੇ ਜਾਣਗੇ।

ਇਸ ਤੋਂ ਬਾਅਦ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਲਾਮਿਸਾਲ ਰੈਲੀ ਅਤੇ ਮੁਜ਼ਾਹਰਾ ਕਰਕੇ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇਹਨਾਂ ਸਾਰਿਆਂ ਨੂੰ ਸਬਕ ਸਿਖਾਉਣਾ ਲਈ ਪ੍ਰਣ ਲੈਣਗੇ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਉਣ ਦਾ ਨਿਰਣਾ ਕਰਕੇ ਪੰਜਾਬ ਦੀ ਸੱਤਾ ਤੋਂ ਲਾਂਭੇ ਕਰਨਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਇੰਜਨੀਅਰ ਜੀਤ ਸਿੰਘ, ਉਪਿੰਦਰ ਪਾਲ ਸਿੰਘ, ਬਿਸ਼ਨ ਕੁਮਾਰ ਅਰੋੜਾ, ਸੁਖਦੇਵ ਸਿੰਘ ਬੀ ਪੀ ਈ ਓ, ਅਜੀਤ ਸਿੰਘ ਖਾਲਸਾ, ਰਮੇਸ਼ ਕੌਸ਼ਲ, ਦਰਸ਼ਨ ਸਿੰਘ ਵਿਰਦੀ, ਅਧਿਆਪਕ ਆਗੂ ਨਰਿੰਦਰ ਕੁਮਾਰ, ਰਜਿੰਦਰ ਕੁਮਾਰ ਅਤੇ ਜਿਤੇਂਦਰ ਕੁਮਾਰ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।