ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਸਣੇ 17 ਰਾਜਾਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦਾ ਅਲਰਟ; ਪੜ੍ਹੋ IMD ਦੀ ਚੇਤਾਵਨੀ
ਨਵੀਂ ਦਿੱਲੀ, 29 ਜੂਨ 2026
ਭਾਰਤ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਲਈ ਖ਼ਰਾਬ ਮੌਸਮ ਦੀ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ, ਅਗਲੇ ਕੁੱਝ ਘੰਟਿਆਂ ਦੇ ਅੰਦਰ-ਅੰਦਰ ਦੇਸ਼ ਦੇ 17 ਰਾਜਾਂ ਵਿੱਚ ਤੇਜ਼ ਮੀਂਹ, ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਦੀ ਪੂਰੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਹਵਾ ਦੀ ਰਫ਼ਤਾਰ 85 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਦੇ ਬੁਲੇਟਿਨ ਅਨੁਸਾਰ, ਉੱਤਰ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲਵੇਗਾ। ਪ੍ਰਭਾਵਿਤ ਹੋਣ ਵਾਲੇ ਮੁੱਖ ਰਾਜਾਂ ਵਿੱਚ ਪੰਜਾਬ ਅਤੇ ਹਰਿਆਣਾ, ਦਿੱਲੀ-ਐਨਸੀਆਰ (Delhi-NCR), ਉੱਤਰ ਪ੍ਰਦੇਸ਼ ਅਤੇ ਬਿਹਾਰ, ਰਾਜਸਥਾਨ ਅਤੇ ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ, ਝਾਰਖੰਡ ਅਤੇ ਪੱਛਮੀ ਬੰਗਾਲ ਸ਼ਾਮਲ ਹਨ।
ਮੌਸਮ ਵਿਭਾਗ ਨੇ ਖ਼ਦਸ਼ਾ ਜਤਾਇਆ ਹੈ ਕਿ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।
ਏਸ ਤੇਜ਼ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ (Waterlogging) ਦੀ ਸਮੱਸਿਆ ਖੜ੍ਹੀ ਹੋ ਸਕਦੀ ਹੈ, ਜਿਸ ਨਾਲ ਆਵਾਜਾਈ (Traffic) ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਲੋਕਾਂ ਨੂੰ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਖ਼ਰਾਬ ਮੌਸਮ ਦੌਰਾਨ ਦਰੱਖਤਾਂ ਜਾਂ ਕਮਜ਼ੋਰ ਇਮਾਰਤਾਂ ਦੇ ਨੇੜੇ ਖੜ੍ਹੇ ਨਾ ਹੋਣ ਦੀ ਸਲਾਹ ਦਿੱਤੀ ਗਈ ਹੈ।



