- ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੰਗਤ ਨੂੰ ਕੀਤੀ ਸਮਾਜਿਕ ਬਾਈਕਾਟ ਦੀ ਅਪੀਲ
ਮੋਹਾਲੀ, 29 ਜੂਨ: (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕੂ ਐਕਟ (ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ) ਬਣਾਉਣ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਤੇ ਸਮੂਹ ਸਿੱਖ ਵਿਧਾਇਕਾਂ ਨੂੰ ਤਲਬ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਅਪਣਾਏ ਜਾ ਰਹੇ ਰਵੱਈਏ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।
ਰੋਸ ਪ੍ਰਦਰਸ਼ਨ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਕੀਤੀ ਜਾ ਰਹੀ ਸਿੱਧੀ ਦਖ਼ਲਅੰਦਾਜ਼ੀ ਦੀ ਸਖ਼ਤ ਨਿਖੇਧੀ ਕੀਤੀ ਗਈ। ਮੀਟਿੰਗ ਉਪਰੰਤ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਆਗੂਆਂ ਅਤੇ ਸੰਗਤਾਂ ਨੇ ਹੱਥਾਂ ਵਿੱਚ ਪੋਸਟਰ ਫੜ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਸਰਕਾਰ ਦੇ ਰਵੱਈਏ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਅਪਣਾਇਆ ਗਿਆ ਰਵੱਈਆ ਸਿੱਖ ਪੰਥ ਦੀ ਸਰਵਉੱਚ ਸੰਸਥਾ ਦਾ ਅਪਮਾਨ ਹੈ।
ਇਕੱਤਰ ਪੰਥਕ ਨੁਮਾਇੰਦਿਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਮਾਨਸਿਕਤਾ ਦਿਖਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਇਸ ਮੌਕੇ ਨਵ-ਨਿਯੁਕਤ ਅਬਜ਼ਰਵਰ ਸ. ਸਾਧੂ ਸਿੰਘ ਖਲੌਰ ਨੇ ਮੀਟਿੰਗ ਵਿੱਚ ਪਹੁੰਚੇ ਹਲਕਾ ਮੋਹਾਲੀ ਦੇ ਸਮੂਹ ਪਹਿਲੀ ਕਤਾਰ ਦੇ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਸ਼ਿੰਦੀ ਪ੍ਰਧਾਨ ਟਰਾਂਸਪੋਰਟ ਵਿੰਗ ਪੰਜਾਬ,ਸਰਬਜੀਤ ਸਿੰਘ ਪਾਰਸ, ਮਨਜੀਤ ਸਿੰਘ ਮਾਨ, ਭੁਪਿੰਦਰ ਕੌਰ ਗੋਸਲ, ਪ੍ਰਦੀਪ ਭਾਰਜ, ਸਤਿੰਦਰ ਸਿੰਘ ਗਿੱਲ, ਕਰਨ ਸਿੰਘ ਬੰਬਰਾ, ਹਰਜੀਤ ਸਿੰਘ, ਬਲਵਿੰਦਰ ਸਿੰਘ ਲਖਨੌਰ, ਸੁਖਵੀਰ ਸਿੰਘ, ਹਰਮਨਪ੍ਰੀਤ ਸਿੰਘ ਪ੍ਰਿੰਸ, ਜਸਵਿੰਦਰ ਸਿੰਘ ਜੱਸੀ ਬਨੂੜ, ਹੈਪੀ ਸਨੇਟਾ, ਹਰਵਿੰਦਰ ਸਿੰਘ, ਬਹਾਦਰ ਸਿੰਘ ਸਰਪੰਚ, ਸੁਖਬੀਰ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ ਕੁਰੜਾ, ਮਨਿੰਦਰ ਸਿੰਘ ਬਿੱਟੂ, ਬਿਕਰਮ ਸਿੰਘ ਗੀਗੇਮਾਜਰਾ, ਜਰਨੈਲ ਸਿੰਘ ਬਲੌਂਗੀ, ਰੁਪਿੰਦਰ ਕੌਰ ਧੜਾਕ, ਰਾਜਪ੍ਰੀਤ ਕੌਰ ਗਿੱਲ,ਸੁਖਦਰਸ਼ਨ ਸਿੰਘ ਕਾਕਾ, ਗੁਰਦੀਪ ਸਿੰਘ, ਮਨਮੋਹਨ ਸਿੰਘ ਕਾਹਲੋਂ, ਹਰਪਾਲ ਸਿੰਘ ਬਠਲਾਣਾ, ਪ੍ਰੀਤਮ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ ਚੁੱਘ, ਅਵਤਾਰ ਸਿੰਘ ਗੋਸਲ ਅਤੇ ਸੁਰਮਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ



