ਬਠਿੰਡਾ: ਖੇਤਾਂ ‘ਚ ਕੰਮ ਕਰਦੇ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ
ਬਠਿੰਡਾ, 30 ਜੂਨ 2026
ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਗਰੀਬ ਖੇਤ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਉਰਫ਼ ਬਿੱਟੂ (37 ਸਾਲ) ਪੁੱਤਰ ਬੂਟਾ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਸੋਮਵਾਰ ਨੂੰ ਜਰਨੈਲ ਸਿੰਘ ਪਿੰਡ ਦੇ ਖੇਤਾਂ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ਕਰ ਰਿਹਾ ਸੀ। ਕੰਮ ਦੌਰਾਨ ਅਚਾਨਕ ਉਹ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਨੂੰ ਜ਼ਬਰਦਸਤ ਕਰੰਟ ਲੱਗਿਆ। ਕਰੰਟ ਇੰਨਾ ਭਿਆਨਕ ਸੀ ਕਿ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਅਮਰਦੀਪ ਸਿੰਘ ਉਰਫ਼ ਮਨੀ ਨੇ ਭਰੇ ਮਨ ਨਾਲ ਦੱਸਿਆ ਕਿ ਜਰਨੈਲ ਸਿੰਘ ਦਿਹਾੜੀ-ਮਜ਼ਦੂਰੀ ਕਰਕੇ ਬੜੀ ਮੁਸ਼ਕਲ ਨਾਲ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ।
ਘਰ ਦੇ ਕਮਾਊ ਜੀਅ ਦੀ ਅਚਾਨਕ ਹੋਈ ਇਸ ਮੌਤ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।



