ਪੰਜਾਬ ‘ਚ ਬਿਜਲੀ ਸੰਕਟ ਕਾਰਨ ਸੁੱਕ ਰਹੀਆਂ ਫ਼ਸਲਾਂ; ਸੁਖਬੀਰ ਬਾਦਲ ਨੇ ਘੇਰੀ AAP ਸਰਕਾਰ
ਸੁਖਬੀਰ ਬਾਦਲ ਦਾ ‘ਆਪ’ ਅਤੇ ਕਾਂਗਰਸ ’ਤੇ ਤਿੱਖਾ ਹਮਲਾ: ਕਿਹਾ– “ਦੋਵਾਂ ਸਰਕਾਰਾਂ ਨੇ 10 ਸਾਲਾਂ ’ਚ ਪੰਜਾਬ ਨੂੰ ਕੀਤਾ ਬਰਬਾਦ, ਬਿਜਲੀ ਸੰਕਟ ਕਾਰਨ ਸੁੱਕ ਰਹੀਆਂ ਫ਼ਸਲਾਂ”
ਲੰਬੀ, 30 ਜੂਨ 2026
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਚੱਲ ਰਹੇ ਗੰਭੀਰ ਬਿਜਲੀ ਸੰਕਟ ਨੂੰ ਲੈ ਕੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਅਤੇ ਪਿਛਲੀ ਕਾਂਗਰਸ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਮੁਕਤਸਰ ਜ਼ਿਲ੍ਹੇ ਦੇ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਹਿਣਾ ਦਾ ਦੌਰਾ ਕਰਦਿਆਂ ਅਕਾਲੀ ਦਲ ਦੇ ਮੁਖੀ ਨੇ ਸੁੱਕ ਰਹੇ ਝੋਨੇ ਦੇ ਖੇਤ ਦਿਖਾਉਂਦੇ ਹੋਏ ਦੋਵਾਂ ਪਾਰਟੀਆਂ ਨੂੰ ਸੂਬੇ ਦੀ ਬਦਹਾਲੀ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਕਾਂਗਰਸ ਅਤੇ ‘ਆਪ’ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਬਰਬਾਦੀ ਦੇ ਰਾਹ ਤੋਰ ਦਿੱਤਾ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਉਹ ਰੋਜ਼ਾਨਾ ਅੱਠ ਤੋਂ ਦਸ ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਅਸਲ ਵਿੱਚ, ਕਿਸਾਨਾਂ ਅਤੇ ਆਮ ਲੋਕਾਂ ਨੂੰ ਘਰਾਂ ਵਿੱਚ ਬਿਜਲੀ ਦੇ ਲੰਬੇ-ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਦੀ ਭਾਰੀ ਕਿੱਲਤ ਕਾਰਨ ਖੇਤਾਂ ਨੂੰ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਲਗਾਤਾਰ ਸੁੱਕ ਰਹੀ ਹੈ ਅਤੇ ਕਿਸਾਨਾਂ ਨੂੰ ਸਭ ਤੋਂ ਵੱਧ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਅਕਾਲੀ ਦਲ ਦੇ ਸ਼ਾਸਨਕਾਲ ਨੂੰ ਯਾਦ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ, “ਸਾਡੀ ਸਰਕਾਰ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ। ਅਸੀਂ ਥਰਮਲ ਪਲਾਂਟ ਖਰੀਦੇ ਸਨ, ਜਿਸ ਸਦਕਾ ਮੰਗ ਮੁਤਾਬਕ ਸਪਲਾਈ ਪੂਰੀ ਹੁੰਦੀ ਰਹੀ ਅਤੇ ਬਿਜਲੀ ਸੰਕਟ ਨੂੰ ਹੱਲ ਕੀਤਾ ਗਿਆ।” ਉਨ੍ਹਾਂ ਅੱਗੇ ਕਿਹਾ ਕਿ ਅੱਜ ਜਿਵੇਂ-ਜਿਵੇਂ ਬਿਜਲੀ ਦੀ ਮੰਗ ਵਧ ਰਹੀ ਹੈ, ਮੌਜੂਦਾ ‘ਆਪ’ ਸਰਕਾਰ ਸਪਲਾਈ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਮਰੱਥ ਸਾਬਤ ਹੋ ਰਹੀ ਹੈ।
ਮੁੱਖ ਮੰਤਰੀ ‘ਤੇ ਸਿਰਫ਼ ਝੂਠੇ ਵਾਅਦੇ ਕਰਨ ਦੇ ਦੋਸ਼ ਲਗਾਉਂਦੇ ਹੋਏ ਬਾਦਲ ਨੇ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਨੂੰ ਲਾਂਭੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਵਿਕਾਸ ਦੀ ਪਟੜੀ ‘ਤੇ ਲਿਆਉਣ ਲਈ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ, ਜੋ ਹਮੇਸ਼ਾ ਕਿਸਾਨਾਂ ਅਤੇ ਪੰਜਾਬ ਦੇ ਹਿੱਤਾਂ ਲਈ ਵਚਨਬੱਧ ਰਹੀ ਹੈ।



