ਵੱਡੀ ਖ਼ਬਰ: ਬੋਰਵੈੱਲ ਡਿੱਗਿਆ ਨਿਰਵੈਰ ਜ਼ਿੰਦਗੀ ਦੀ ਜੰਗ ਹਾਰਿਆ; ਲਾਸ਼ ਬਰਾਮਦ
ਅੰਬਾਲਾ, 1 ਜੁਲਾਈ 2026
ਅੰਬਾਲਾ ਦੇ ਪਿੰਡ ਧਨੌਰਾ ਵਿੱਚ ਮੰਗਲਵਾਰ ਸਵੇਰੇ ਇੱਕ ਖੁੱਲ੍ਹੇ ਬੋਰਵੈੱਲ ਵਿੱਚ ਡਿੱਗੇ 4 ਸਾਲਾ ਮਾਸੂਮ ਬੱਚੇ ਨਿਰਵੈਰ ਸਿੰਘ ਦੇ ਮਾਮਲੇ ਵਿੱਚ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਤੜਕਸਾਰ ਕਰੀਬ 3:25 ਵਜੇ ਲੰਬੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਤਾਂ ਕੱਢ ਲਿਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਅੰਬਾਲਾ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਜਾਣਕਾਰੀ ਅਨੁਸਾਰ, ਨਿਰਵੈਰ ਸਿੰਘ ਮੰਗਲਵਾਰ ਸਵੇਰੇ ਕਰੀਬ 6:30 ਵਜੇ ਆਪਣੇ ਪਿਤਾ ਮਨਜੀਤ ਸਿੰਘ ਨਾਲ ਖੇਤਾਂ ਵਿੱਚ ਗਏ ਆਪਣੇ ਦਾਦਾ ਜੀ ਨੂੰ ਰੋਟੀ ਦੇਣ ਗਿਆ ਸੀ। ਖੇਤਾਂ ਵਿੱਚ ਖੇਡਦੇ ਹੋਏ ਉਹ ਅਚਾਨਕ ਇੱਕ ਗੁਆਂਢੀ ਦੇ ਖੁੱਲ੍ਹੇ ਪਏ ਬੋਰਵੈੱਲ ਵਿੱਚ ਜਾ ਡਿੱਗਿਆ। ਬੱਚੇ ਦੀਆਂ ਚੀਕਾਂ ਸੁਣ ਕੇ ਪਿਤਾ ਅਤੇ ਦਾਦਾ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਸਥਾਨਕ ਲੋਕ ਅਤੇ ਐਮਰਜੈਂਸੀ ਰਿਸਪਾਂਸ ਟੀਮਾਂ ਮੌਕੇ ‘ਤੇ ਪਹੁੰਚੀਆਂ, ਪਰ ਸ਼ੁਰੂਆਤੀ ਕੋਸ਼ਿਸ਼ਾਂ ਵਿੱਚ ਬੱਚੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ।
ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF), ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਭਾਰਤੀ ਫੌਜ ਦੇ ਜਵਾਨਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ। ਭਾਰੀ ਮਸ਼ੀਨਰੀ ਅਤੇ ਜੇਸੀਬੀ (JCB) ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ, ਜੋ ਬੁੱਧਵਾਰ ਤੜਕੇ 3:25 ਵਜੇ ਜਾ ਕੇ ਮੁਕੰਮਲ ਹੋਇਆ।
ਮੈਡੀਕਲ ਅਫਸਰ ਡਾ. ਰਿਸ਼ੀਪਾਲ ਨੇ ਦੱਸਿਆ ਕਿ ਜਿਵੇਂ ਹੀ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ, ਮੌਕੇ ‘ਤੇ ਹੀ ਉਸ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਗਈ ਪਰ ਹਸਪਤਾਲ ਪਹੁੰਚਣ ‘ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਡਾਕਟਰਾਂ ਮੁਤਾਬਕ ਬੋਰਵੈੱਲ ਦੇ ਅੰਦਰ ਪਾਣੀ ਵੀ ਮੌਜੂਦ ਸੀ, ਜਿਸ ਕਾਰਨ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।



