ਪੰਜਾਬ ਵਿੱਚ ਔਰਤਾਂ ਦੇ ਖਾਤਿਆਂ ‘ਚ ਅੱਜ ਆਉਣਗੇ ਪੈਸੇ! CM ਮਾਨ ਧੂਰੀ ਤੋਂ ਕਰਨਗੇ ਸ਼ੁਰੂਆਤ
ਧੂਰੀ/ਚੰਡੀਗੜ੍ਹ, 1 ਜੁਲਾਈ 2026
ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਅੱਜ ਆਪਣੀ ਸਭ ਤੋਂ ਵੱਡੀ ਅਤੇ ਆਖ਼ਰੀ ਗਰੰਟੀ ਨੂੰ ਪੂਰੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਇਤਿਹਾਸਕ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਨਗੇ। ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਇਸ ਯੋਜਨਾ ਦੇ ਆਗਾਜ਼ ਲਈ ਅੱਜ ਧੂਰੀ ਵਿਖੇ ਨਿਰੋਲ ਔਰਤਾਂ ਦਾ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੀਆਂ ਸਮੂਹ ਮਹਿਲਾ ਵਿਧਾਇਕਾਂ ਤੋਂ ਇਲਾਵਾ, ਉਚੇਚੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸ਼ਿਰਕਤ ਕਰਨਗੇ ਅਤੇ ਮਹਿਲਾਵਾਂ ਨੂੰ ਸੰਬੋਧਨ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਤੋਂ ਬਾਅਦ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਇੱਕੋ ਸਮੇਂ ਸਤਿਕਾਰ ਭੱਤੇ ਦੀ ਰਾਸ਼ੀ ਖਾਤੇ ’ਚ ਜਮ੍ਹਾਂ ਹੋਣ ਦੇ ਸੁਨੇਹੇ (Messages) ਪਹੁੰਚਣੇ ਸ਼ੁਰੂ ਹੋ ਜਾਣਗੇ। ਖ਼ਾਸ ਗੱਲ ਇਹ ਹੈ ਕਿ ਪਹਿਲੀ ਜੁਲਾਈ ਨੂੰ ਔਰਤਾਂ ਨੂੰ ਤਿੰਨ ਮਹੀਨੇ ਦੀ ਇਕੱਠੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।
ਇਸ ਯੋਜਨਾ ਦੇ ਤਹਿਤ ਪੰਜਾਬ ਦੀਆਂ ਕਰੀਬ 97 ਫ਼ੀਸਦੀ ਔਰਤਾਂ ਨੂੰ ਕਵਰ ਕੀਤਾ ਜਾਵੇਗਾ। ਸਰਕਾਰ ਵੱਲੋਂ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਤਿਕਾਰ ਭੱਤਾ ਦੇਣਾ ਸ਼ੁਰੂ ਕੀਤਾ ਜਾ ਰਿਹਾ ਹੈ। ‘ਆਪ’ ਸਰਕਾਰ ਦੇ ਇਸ ਕਦਮ ਨੂੰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਵੱਲ ਇੱਕ ਵੱਡਾ ਇਤਿਹਾਸਕ ਫੈਸਲਾ ਮੰਨਿਆ ਜਾ ਰਿਹਾ ਹੈ।



