ਮਨਰੇਗਾ ਦਾ ਨਾਮ ਬਦਲਿਆ.. ਮਜ਼ਦੂਰਾਂ ਦੀ ਦਿਹਾੜੀ ਵੀ ਬਦਲੀ! ਪੜ੍ਹੋ ਕਿੰਨਾ ਮਿਲੇਗਾ ਫਾਇਦਾ?
ਦੇਸ਼ ਭਰ ਵਿੱਚ ਔਸਤ ਦਿਹਾੜੀ 298.80 ਰੁਪਏ ਤੋਂ ਵਧ ਕੇ 327.40 ਰੁਪਏ ਹੋਈ
ਨਵੀਂ ਦਿੱਲੀ, 1 ਜੁਲਾਈ 2026:
ਕੇਂਦਰ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਮਜ਼ਦੂਰਾਂ ਅਤੇ ਪਰਿਵਾਰਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਨਵੀਂ ਸ਼ੁਰੂ ਕੀਤੀ ਗਈ ਯੋਜਨਾ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ)’ ਯਾਨੀ (ਵੀਬੀ-ਜੀ ਰਾਮ ਜੀ) ਤਹਿਤ ਮਜ਼ਦੂਰੀ ਦਰਾਂ ਵਿੱਚ ਵੱਡੀ ਸੋਧ ਕਰ ਦਿੱਤੀ ਹੈ। ਕੇਂਦਰ ਸਰਕਾਰ ਵਲੋਂ ਇਸ ਇਤਿਹਾਸਕ ਫੈਸਲੇ ਦਾ ਐਲਾਨ ਅੱਜ ਪਹਿਲੀ ਜੁਲਾਈ ਨੂੰ ਤੜਕੇ ਕੀਤਾ ਗਿਆ।
ਇਸ ਨਵੀਂ ਸੋਧ ਤੋਂ ਬਾਅਦ, ਪੇਂਡੂ ਰੁਜ਼ਗਾਰ ਯੋਜਨਾ ਅਧੀਨ ਦੇਸ਼ ਭਰ ਵਿੱਚ ਔਸਤ ਦਿਹਾੜੀ 298.80 ਰੁਪਏ ਤੋਂ ਵਧ ਕੇ ਹੁਣ 327.40 ਰੁਪਏ ਪ੍ਰਤੀ ਦਿਨ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਨਵੀਂ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਇਹ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ।
ਵੀਬੀ-ਜੀ ਰਾਮ ਜੀ ਯੋਜਨਾ ਨੇ ਅੱਜ 1 ਜੁਲਾਈ ਤੋਂ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਦੀ ਥਾਂ ਲੈ ਲਈ ਹੈ। ਸਭ ਤੋਂ ਵੱਡੀ ਰਾਹਤ ਦਿੰਦੇ ਹੋਏ ਸਰਕਾਰ ਨੇ ਇਸ ਨਵੀਂ ਯੋਜਨਾ ਤਹਿਤ ਪੇਂਡੂ ਪਰਿਵਾਰਾਂ ਨੂੰ ਮਿਲਣ ਵਾਲੇ ਰੁਜ਼ਗਾਰ ਦੇ ਦਿਨਾਂ ਵਿੱਚ ਵੀ ਵਾਧਾ ਕੀਤਾ ਹੈ। ਹੁਣ ਮਜ਼ਦੂਰਾਂ ਨੂੰ ਸਾਲ ਵਿੱਚ 100 ਦਿਨਾਂ ਦੀ ਥਾਂ 125 ਦਿਨਾਂ ਦੇ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਦਿੱਤੀ ਗਈ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਸ ਵੱਡੀ ਤਬਦੀਲੀ ਅਤੇ ਮਜ਼ਦੂਰੀ ਦਰਾਂ ਵਿੱਚ ਵਾਧੇ ਦਾ ਮੁੱਖ ਮਕਸਦ ਪੇਂਡੂ ਲੋਕਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਬੁਨਿਆਦੀ ਢਾਂਚੇ (Infrastructure) ਦਾ ਵਿਕਾਸ ਕਰਨਾ ਅਤੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਹੋਰ ਨਵੇਂ ਤੇ ਪੱਕੇ ਮੌਕੇ ਪੈਦਾ ਕਰਨਾ ਹੈ।
ਸਰਕਾਰ ਦੇ ਇਸ ਕਦਮ ਨਾਲ ਦੇਸ਼ ਭਰ ਦੇ ਕਰੋੜਾਂ ਪੇਂਡੂ ਪਰਿਵਾਰਾਂ ਨੂੰ ਸਿੱਧਾ ਫਾਇਦਾ ਪਹੁੰਚੇਗਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ।



