ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ; ਸਕੂਲਾਂ ‘ਚ ਛੇਤੀ AI ਪਾਠਕ੍ਰਮ ਹੋਣਗੇ ਸ਼ੁਰੂ

Top Trending News ਪੰਜਾਬ
  • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਸੰਗਰੂਰ ਵਿੱਚ ਵਿਦਿਆਰਥੀਆਂ ਨਾਲ ਕੀਤਾ ਸਿੱਧਾ ਸੰਵਾਦ
  • 12ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆਂ ਨੇ ਕੀਤਾ ਸਨਮਾਨ
  • ਪੰਜਾਬ ਵਿੱਚ ਜਲਦ ਹੀ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
  • ਸਿੱਖਿਆ ਸੁਧਾਰਾਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਾਏ ਨੂੰ ਤਰਜੀਹ ਦਿੱਤੀ ਜਾ ਰਹੀ ਹੈ – ਮਨੀਸ਼ ਸਿਸੋਦੀਆਂ
  • ਗੁਣਵੱਤਾ ਵਾਲੀ ਸਿੱਖਿਆ ਦੇ ਰਾਹੀਂ ਦੇਸ਼ ਦੀ ਤਰੱਕੀ ਨਾਲ ਮਿਲ ਰਿਹਾ ਨਵਾਂ ਰਾਹ

ਸੰਗਰੂਰ, ਜੁਲਾਈ 3: (ਦੇਸ਼ ਕਲਿੱਕ ਬਿਓਰੋ): ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ।

ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਭਵਿੱਖ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲਈ ਗਈ ਕਿ ਸਿੱਖਿਆ ਪ੍ਰਣਾਲੀ ਵਿੱਚ ਕਿਹੜੇ ਬਦਲਾਅ ਲਿਆਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਪ੍ਰੀਖਿਆ ਪ੍ਰਣਾਲੀ, ਸਿਲੇਬਸ ਅਤੇ ਪੜ੍ਹਾਈ ਦੇ ਢੰਗਾਂ ਬਾਰੇ ਸੁਝਾਅ ਮੰਗੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਵੱਲੋਂ ਉਠਾਏ ਗਏ ਸਾਰੇ ਮੁੱਦੇ ਬਹੁਤ ਹੀ ਵਾਜਬ ਅਤੇ ਸਮੇਂ ਦੇ ਅਨੁਕੂਲ ਹਨ।

ਸਿੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਏ.ਆਈ. (ਆਰਟੀਫ਼ੀਸ਼ਲ ਇੰਟੈਲੀਜੈਂਸ) ਇੱਕ ਵੱਡਾ ਵਿਸ਼ਾ ਬਣ ਚੁੱਕਾ ਹੈ। ਦੁਨੀਆ ਦੇ ਸਾਰੇ ਦੇਸ਼ ਇਸ ਤਕਨਾਲੋਜੀ ਨੂੰ ਤੇਜ਼ੀ ਨਾਲ ਅਪਣਾ ਰਹੇ ਹਨ, ਇਸ ਲਈ ਪੰਜਾਬ ਨੂੰ ਵੀ ਸਮੇਂ ਦੇ ਨਾਲ ਕਦਮ ਮਿਲਾਉਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਇਸ ‘ਤੇ ਕੰਮ ਕਰ ਰਹੀ ਹੈ ਅਤੇ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਏ.ਆਈ ਪਾਠਕ੍ਰਮ ਲਾਂਚ ਕੀਤਾ ਜਾਵੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਵੱਡੀ ਪ੍ਰਗਤੀ ਕੀਤੀ ਹੈ ਅਤੇ ਕੇਰਲਾ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ। ਇਹ ਉਪਲੱਬਧੀ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਉੱਚਾਈਆਂ ਛੂਹੇਗਾ।

ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਬੱਚੇ ਤੱਕ ਗੁਣਵੱਤਾ ਵਾਲੀ ਸਿੱਖਿਆ ਪਹੁੰਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ ਅਤੇ ਇਸ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ।

ਮਨੀਸ਼ ਸਿਸੋਦੀਆ ਨੇ ਇਹ ਵੀ ਕਿਹਾ ਕਿ ਏ.ਆਈ ਆਉਣ ਵਾਲੇ ਸਮੇਂ ਵਿੱਚ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਕਰੇਗੀ ਪਰ ਕੁਝ ਰਵਾਇਤੀ ਨੌਕਰੀਆਂ ‘ਤੇ ਅਸਰ ਵੀ ਪਵੇਗਾ। ਇਸ ਲਈ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਤਿਆਰ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ, ਨਕਲ ਰੋਕਣ ਅਤੇ ਪੜ੍ਹਾਉਣ ਦੇ ਨਵੇਂ ਢੰਗ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਉਨ੍ਹਾਂ ਦੇ ਵਿਚਾਰ ਵੀ ਸੁਣੇ।

ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਸੰਵਿਧਾਨਕ ਮੁੱਲਾਂ ਦੀ ਰਾਖੀ ਕਰਨ, ਮਾਂ-ਭੂਮੀ, ਸੱਭਿਆਚਾਰ ਅਤੇ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ।

ਇਹ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਸਾਬਤ ਹੋਇਆ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਇੱਕ ਨਵੀਂ ਦਿਸ਼ਾ ਵੀ ਪ੍ਰਦਾਨ ਕਰ ਗਿਆ। ਸਰਕਾਰ ਵੱਲੋਂ ਵਿਦਿਆਰਥੀਆਂ ਦੀ ਰਾਏ ਨੂੰ ਮਹੱਤਵ ਦੇਣਾ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕਰਨ ਵੱਲ ਵਧ ਰਿਹਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ,
ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਅਧਿਆਪਕ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।