ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਪਤੀ ਦੀ ਮੌਤ, ਪਤਨੀ ਸਮੇਤ 2 ਗੰਭੀਰ ਜਖਮੀ
ਸਾਹਨੇਵਾਲ-ਕੂਮਕਲਾਂ ਹਾਈਵੇਅ ‘ਤੇ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਕ੍ਰੇਟਾ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਇੱਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਕੂਮਕਲਾਂ, 3 ਜੁਲਾਈ 2026
ਸਾਹਨੇਵਾਲ-ਕੂਮਕਲਾਂ ਥਾਣੇ ਦੇ ਅਧੀਨ ਆਉਂਦੇ ਚੰਡੀਗੜ੍ਹ ਰੋਡ ‘ਤੇ ਸਥਿਤ ਭੈਰੋਮੁੰਨਾ ਕੱਟ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਦੀ ਲਾਪਰਵਾਹੀ ਕਾਰਨ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਹੈ। ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਅਤੇ ਇੱਕ ਹੋਰ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਥਾਣਾ ਕੂਮਕਲਾਂ ਵਿਖੇ ਦਰਜ ਕਰਵਾਏ ਬਿਆਨਾਂ ਵਿੱਚ ਲੁਧਿਆਣਾ ਦੇ ਪਿੰਡ ਮਹਿਲੋਂ ਦੇ ਰਹਿਣ ਵਾਲੇ ਅਵਤਾਰ ਸਿੰਘ ਦੀ ਪਤਨੀ ਹਰਜਿੰਦਰ ਕੌਰ ਨੇ ਦੱਸਿਆ ਕਿ 1 ਜੁਲਾਈ ਨੂੰ ਉਹ ਆਪਣੇ ਪਤੀ ਨਾਲ ਕੁਹਾੜਾ ਤੋਂ ਭੈਰੋਮੁੰਨਾ ਵੱਲ ਮੋਟਰਸਾਈਕਲ ‘ਤੇ ਜਾ ਰਹੇ ਸਨ। ਜਦੋਂ ਉਹ ਭੈਰੋਮੁੰਨਾ ਕੱਟ ਤੋਂ ਪਿੰਡ ਵੱਲ ਮੁੜਨ ਲੱਗੇ, ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਦੇ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਕਾਰਨ ਪਤੀ-ਪਤਨੀ ਦੋਵੇਂ ਸੜਕ ‘ਤੇ ਡਿੱਗ ਗਏ ਅਤੇ ਅਵਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਰਜਿੰਦਰ ਕੌਰ ਨੇ ਅੱਗੇ ਦੱਸਿਆ ਕਿ ਕ੍ਰੇਟਾ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ ਹੋਰ ਮੋਟਰਸਾਈਕਲ ਸਵਾਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਵੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਕਾਰ ਚਾਲਕ ਆਪਣੀ ਗੱਡੀ ਨੂੰ ਮੌਕੇ ‘ਤੇ ਹੀ ਛੱਡ ਕੇ ਫ਼ਰਾਰ ਹੋ ਗਿਆ।
ਮਾਮਲੇ ਦੀ ਜਾਂਚ ਕਰ ਰਹੀ ਥਾਣਾ ਕੂਮਕਲਾਂ ਦੀ ਪੁਲਿਸ ਨੇ ਕ੍ਰੇਟਾ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਕਾਰ ਚਾਲਕ ਅੰਮ੍ਰਿਤਵੀਰ ਸਿੰਘ ਪੁੱਤਰ ਲੱਖਾ ਸਿੰਘ, ਵਾਸੀ ਪਿੰਡ ਬਰਮਾਲੀਪੁਰ (ਥਾਣਾ ਦੋਰਾਹਾ, ਲੁਧਿਆਣਾ) ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮ੍ਰਿਤਕ ਅਵਤਾਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਸ਼ਵ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।



