- ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ*
- ਮਲਵਿੰਦਰ ਸਿੰਘ ਬਣੇ ਪੰਜਾਬ ਪ੍ਰਧਾਨ, ਕੋਰ ਕਮੇਟੀ ਦਾ ਵੀ ਐਲਾਨ
ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ)] ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਰਾਜਨੀਤੀ ਵਿੱਚ ਆਪਣੇ ਰਸਮੀ ਦਾਖਲੇ ਦਾ ਐਲਾਨ ਕਰਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਰੋਡਮੈਪ ਪੇਸ਼ ਕੀਤਾ।
ਇਸ ਮੌਕੇ ਜੇਡੀ(ਯੂ) ਦੇ ਪੰਜਾਬ ਪ੍ਰਭਾਰੀ ਸੰਜੇ ਕੁਮਾਰ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਇੱਕ ਭਰੋਸੇਯੋਗ, ਵਿਕਾਸਮੁਖੀ ਅਤੇ ਲੋਕ-ਕੇਂਦਰਿਤ ਸਿਆਸੀ ਬਦਲ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਾਫ਼-ਸੁਥਰੀ, ਪਾਰਦਰਸ਼ੀ ਅਤੇ ਜਵਾਬਦੇਹ ਸਰਕਾਰ ਦੀ ਲੋੜ ਹੈ, ਜੋ ਨੌਜਵਾਨਾਂ, ਕਿਸਾਨਾਂ, ਉਦਯੋਗਪਤੀਆਂ ਅਤੇ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇ।
ਉਨ੍ਹਾਂ ਦੱਸਿਆ ਜੇਡੀ(ਯੂ) ਦੀ ਬਿਹਾਰ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਕਰਨਾਟਕ, ਅਸਾਮ, ਕੇਰਲ, ਲਕਸ਼ਦੀਪ, ਅਰੁਣਾਚਲ ਪ੍ਰਦੇਸ਼, ਝਾਰਖੰਡ ਅਤੇ ਮਣੀਪੁਰ ਸਮੇਤ ਕਈ ਰਾਜਾਂ ਵਿੱਚ ਮਜ਼ਬੂਤ ਮੌਜੂਦਗੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਦਾ ਸੁਸ਼ਾਸਨ ਅਤੇ ਵਿਕਾਸ ਅਧਾਰਿਤ ਮਾਡਲ ਪੰਜਾਬ ਦੇ ਲੋਕਾਂ ਦਾ ਵੀ ਵਿਸ਼ਵਾਸ ਜਿੱਤਣ ਵਿੱਚ ਕਾਮਯਾਬ ਹੋਵੇਗਾ।
ਸੰਜੇ ਕੁਮਾਰ ਨੇ ਸਪੱਸ਼ਟ ਕੀਤਾ ਕਿ ਜਨਤਾ ਦਲ (ਯੂਨਾਈਟਿਡ) ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ਦੇ ਵਿਸਥਾਰ ਦਾ ਐਲਾਨ ਕੀਤਾ ਅਤੇ ਰਾਜ ਭਰ ਵਿੱਚ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸ਼ਾਲ ਮੁਹਿੰਮ ਚਲਾਉਣ ਦੀ ਯੋਜਨਾ ਵੀ ਸਾਂਝੀ ਕੀਤੀ।
ਇਸ ਮੌਕੇ ਪਾਰਟੀ ਨੇ ਪੰਜਾਬ ਪ੍ਰਦੇਸ਼ ਦੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ। ਮਲਵਿੰਦਰ ਸਿੰਘ ਨੂੰ ਪੰਜਾਬ ਪ੍ਰਧਾਨ, ਗੁਰਪਾਲ ਸਿੰਘ ਹੁੰਦਲ ਨੂੰ ਉਪ ਪ੍ਰਧਾਨ, ਆਈ. ਐੱਸ. ਆਹਲੂਵਾਲੀਆ ਨੂੰ ਸਕੱਤਰ ਜਨਰਲ, ਸੰਜੀਵ ਝਾਅ ਨੂੰ ਮਹਾਂ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ, ਜਦਕਿ ਕੰਵਰ ਸਿੰਘ ਢੀਂਡਸਾ ਨੂੰ ਕੋਰ ਲੀਡਰਸ਼ਿਪ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਨਵੇਂ ਅਹੁਦੇਦਾਰਾਂ ਨੇ ਪਾਰਟੀ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਕੰਮ ਕਰਨ ਦਾ ਸੰਕਲਪ ਲਿਆ।
ਸੰਜੇ ਕੁਮਾਰ ਨੇ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਰੁਜ਼ਗਾਰ ਦੇ ਮੌਕੇ ਵਧਾਉਣਾ, ਗੁਣਵੱਤਾ ਭਰਪੂਰ ਸਿੱਖਿਆ, ਖੇਤੀਬਾੜੀ ਸੁਧਾਰ, ਬਿਹਤਰ ਸਿਹਤ ਸੇਵਾਵਾਂ, ਪਾਰਦਰਸ਼ੀ ਪ੍ਰਸ਼ਾਸਨ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਡੀ(ਯੂ) ਵੰਡ ਦੀ ਰਾਜਨੀਤੀ ਦੀ ਬਜਾਏ ਕਾਰਗੁਜ਼ਾਰੀ, ਜਵਾਬਦੇਹੀ ਅਤੇ ਸਮਾਵੇਸ਼ੀ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।
ਪਾਰਟੀ ਨੇ ਸੂਬਾ ਪੱਧਰੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸ ਮੁਹਿੰਮ ਰਾਹੀਂ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ, ਮਹਿਲਾਵਾਂ, ਪੇਸ਼ੇਵਰਾਂ, ਕਿਸਾਨਾਂ ਅਤੇ ਸਮਾਜ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ, ਤਾਂ ਜੋ ਇੱਕ ਮਜ਼ਬੂਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਉਸਾਰੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਪਾਰਟੀ ਆਗੂਆਂ ਨੇ ਦੁਹਰਾਇਆ ਕਿ ਜੇਡੀ(ਯੂ) ਸਾਫ਼-ਸੁਥਰੀ ਰਾਜਨੀਤੀ, ਨੌਜਵਾਨ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਅਤੇ ਸ਼ਾਸਨ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦਾ ਵਿਸਥਾਰ ਸਿਰਫ਼ ਚੋਣੀ ਰਣਨੀਤੀ ਨਹੀਂ, ਸਗੋਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਇੱਕ ਸਕਾਰਾਤਮਕ ਅਤੇ ਵਿਕਾਸਮੁਖੀ ਸਿਆਸੀ ਬਦਲ ਮੁਹੱਈਆ ਕਰਵਾਉਣ ਦੀ ਲੰਬੀ ਮਿਆਦ ਵਾਲੀ ਪਹਿਲ ਹੈ।



