Deputy Superintendent of Central Jail Hoshiarpur arrested- ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ
ਹੁਸ਼ਿਆਰਪੁਰ 5 ਜੁਲਾਈ, 2026- ਹੁਸ਼ਿਆਰਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੀਤੀ ਦੇਰ ਰਾਤ ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ (Hoshiarpur Central Jail) ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੇਲ੍ਹ ਪ੍ਰਸ਼ਾਸਨ ਦੇ ਇੰਨੇ ਉੱਚ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਇੱਕ ਨਾਮੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੇ ਜੇਲ੍ਹ ਦੇ ਅੰਦਰੋਂ ਹੀ ਇੱਕ ਵੀਡੀਓ ਵਾਇਰਲ ਕੀਤੀ ਸੀ। ਇਸ ਵੀਡੀਓ ਵਿੱਚ ਗੈਂਗਸਟਰ ਨੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ‘ਤੇ ਬੇਹੱਦ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਉਕਤ ਅਧਿਕਾਰੀ ਜੇਲ੍ਹ ਦੇ ਅੰਦਰ ਉਸ ਕੋਲੋਂ ਨਸ਼ਾ ਵਿਕਵਾਉਂਦਾ ਹੈ ਅਤੇ ਹੋਰ ਵੀ ਕਈ ਗਲਤ ਕੰਮ ਕਰਵਾਉਂਦਾ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਇਸਦੀ ਲਗਾਤਾਰ ਅਤੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਸੀ। ਪੁਲਿਸ ਜਾਂਚ ਵਿੱਚ ਲਗਾਏ ਗਏ ਦੋਸ਼ਾਂ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਬੀਤੀ ਰਾਤ ਪੁਲਿਸ ਨੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ।



