- ਮੋਰਿੰਡਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ 8 ਜੁਲਾਈ ਨੂੰ
- ਐੱਸਡੀਐੱਮ ਨੇ ਵਿਧਾਇਕ ਸਮੇਤ 15 ਕੌਂਸਲਰਾਂ ਨੂੰ ਭੇਜੇ ਨੋਟਿਸ
ਮੋਰਿੰਡਾ, 5 ਜੁਲਾਈ (ਭਟੋਆ): ਨਗਰ ਕੌਂਸਲ ਮੋਰਿੰਡਾ ਦੇ ਨਵੇਂ ਚੁਣੇ ਗਏ ਮੈਂਬਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ। ਇਸ ਸਬੰਧੀ ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਮੋਰਿੰਡਾ ਸ੍ਰੀ ਚੇਤਨ ਬੰਗੜ ਵੱਲੋਂ ‘ਪੰਜਾਬ ਮਿਊਂਸਪਲ (ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ) ਚੋਣ ਨਿਯਮ, 1994’ ਤਹਿਤ ਅਹਿਮ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤਹਿਤ ਨਗਰ ਕੌਂਸਲ ਦੇ ਚੁਣੇ ਗਏ ਮੈਂਬਰਾਂ ਦੀ ਪਹਿਲੀ ਵਿਸ਼ੇਸ਼ ਮੀਟਿੰਗ 8 ਜੁਲਾਈ ਸਵੇਰੇ 11 ਵਜੇ ਨਗਰ ਕੌਂਸਲ ਮੋਰਿੰਡਾ ਦੇ ਮੀਟਿੰਗ ਹਾਲ ਵਿੱਚ ਸੱਦੀ ਗਈ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਅਹੁਦਿਆਂ ਦੀ ਚੋਣ ਪ੍ਰਕਿਰਿਆ ਪੂਰੀ ਕਰਵਾਉਣ ਲਈ ਐੱਸਡੀਐੱਮ ਮੋਰਿੰਡਾ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਨਵੀਨਰ-ਕਮ-ਐੱਸਡੀਐੱਮ ਨੇ ਹਲਕਾ ਵਿਧਾਇਕ ਅਤੇ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਦੇ ਚੁਣੇ ਗਏ ਕੌਂਸਲਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਲਿਖਤੀ ਨੋਟਿਸ ਜਾਰੀ ਕਰ ਦਿੱਤੇ ਹਨ।
ਕਨਵੀਨਰ-ਕਮ-ਐੱਸਡੀਐੱਮ ਵੱਲੋਂ ਨੋਟਿਸ ਦੀ ਇੱਕ ਕਾਪੀ ਨਗਰ ਕੌਂਸਲ ਮੋਰਿੰਡਾ ਦੇ ਕਾਰਜਸਾਧਕ ਅਫ਼ਸਰ (ਈ.ਓ.) ਨੂੰ ਵੀ ਭੇਜੀ ਗਈ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਅਤੇ 8 ਜੁਲਾਈ ਨੂੰ ਹੋਣ ਵਾਲੀ ਇਸ ਮਹੱਤਵਪੂਰਨ ਮੀਟਿੰਗ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਚੋਣ ਦੀ ਤਰੀਕ ਅਤੇ ਸਰਕਾਰੀ ਨੋਟਿਸ ਸਾਹਮਣੇ ਆਉਣ ਤੋਂ ਬਾਅਦ ਮੋਰਿੰਡਾ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ‘ਤੇ ਆਪਣਾ ਕਬਜ਼ਾ ਬਣਾਉਣ ਲਈ ਕੌਂਸਲਰਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ।
ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਹੁਣ 8 ਜੁਲਾਈ ਨੂੰ ਹੋਣ ਵਾਲੀ ਇਸ ਵਿਸ਼ੇਸ਼ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਲੰਬੇ ਸਮੇਂ ਤੋਂ ਰੁਕੇ ਪਏ ਸ਼ਹਿਰੀ ਵਿਕਾਸ ਕਾਰਜਾਂ ਨੂੰ ਨਵੇਂ ਕੌਂਸਲ ਹਾਊਸ ਦੇ ਗਠਨ ਤੋਂ ਬਾਅਦ ਰਫ਼ਤਾਰ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।



