Punjab News: ਫਰਦ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
ਲੁਧਿਆਣਾ 6 ਜੁਲਾਈ, 2026- ਫਰਦ ਕੇਂਦਰ ਆਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਲੁਧਿਆਣਾ ਦੇ ਰੱਖ ਬਾਗ਼ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨਿਕ ਵਿਭਾਗ ਦੇ ਅੜੀਅਲ ਰਵੱਈਏ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਤਿੱਖੇ ਸੰਘਰਸ਼ ਦਾ ਬਿਗੁਲ ਫੂਕ ਦਿੱਤਾ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚੱਕੇਰੀਆਂ ਨੇ ਦੱਸਿਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਖੁਲਾਸਾ ਕੀਤਾ ਕਿ, ਫਰਦ ਕੇਂਦਰਾਂ ਦਾ ਕੰਮ ਚਲਾਉਣ ਵਾਲੀ ਪ੍ਰਾਈਵੇਟ ਕੰਪਨੀ ਸੀ.ਐੱਮ.ਐੱਸ. (CMS) ਦਾ ਠੇਕਾ 15 ਮਈ 2026 ਨੂੰ ਖ਼ਤਮ ਹੋ ਚੁੱਕਾ ਹੈ।
ਠੇਕਾ ਖ਼ਤਮ ਹੋਣ ਦੇ ਬਾਵਜੂਦ ਕੰਪਨੀ ਵੱਲੋਂ ਮੁਲਾਜ਼ਮਾਂ ਦੀ ਇੱਕ ਮਹੀਨੇ ਦੀ ਬਕਾਇਆ ਤਨਖ਼ਾਹ, ਗ੍ਰੈਚੂਟੀ ਫੰਡ ਅਤੇ ਤਜ਼ਰਬਾ ਸਰਟੀਫਿਕੇਟ (Experience Letter) ਨਹੀਂ ਦਿੱਤੇ ਜਾ ਰਹੇ।
ਜਦੋਂ ਇਸ ਸਬੰਧੀ ਪੰਜਾਬ ਦੇ ਪ੍ਰੋਜੈਕਟ ਮੈਨੇਜਰ ਰਾਜੀਵ ਮਹਿਤਾ ਨਾਲ ਗੱਲ ਕੀਤੀ ਜਾਂਦੀ ਹੈ, ਤਾਂ ਉਹ ਮੁੰਬਈ ਹੈੱਡ ਆਫ਼ਿਸ ਨਾਲ ਰਾਬਤਾ ਕਰਨ ਲਈ ਕਹਿ ਕੇ ਪੱਲਾ ਝਾੜ ਰਹੇ ਹਨ, ਜਦਕਿ ਮੁੰਬਈ ਦਫ਼ਤਰ ਵਿਖੇ ਕੋਈ ਸੰਪਰਕ ਨਹੀਂ ਹੋ ਪਾ ਰਿਹਾ।
ਸੁਣਵਾਈ ਨਾ ਹੋਣ ਅਤੇ ਕੰਪਨੀ ਦੀ ਟਾਲ-ਮਟੋਲ ਵਾਲੀ ਨੀਤੀ ਦੇ ਰੋਸ ਵਜੋਂ ਯੂਨੀਅਨ ਵੱਲੋਂ ਹੇਠ ਲਿਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ; 15 ਅਤੇ 16 ਜੁਲਾਈ ਨੂੰ ਜਲੰਧਰ ਵਿਖੇ ਡੀ.ਐੱਲ.ਆਰ. (DLR) ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਝੰਡਾ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ 15 ਜੁਲਾਈ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਾ ਕੱਢਿਆ ਗਿਆ, ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।
ਇਸ ਅਹਿਮ ਮੀਟਿੰਗ ਵਿੱਚ ਬਲਜਿੰਦਰ ਸੋਨੀ, ਲਖਬੀਰ ਸਿੰਘ, ਅਮਨਦੀਪ ਸਿੰਘ, ਨਾਨਕ ਸਿੰਘ, ਮੋਹਨ ਭਗਤ, ਰਕੇਸ਼ ਕੁਮਾਰ, ਕਰਮਜੀਤ ਸਿੰਘ, ਰਾਜੇਸ਼ ਕੁਮਾਰ, ਸਤਿਨਾਮ ਸਿੰਘ, ਬਲਵਿੰਦਰ ਸਿੰਘ, ਅਤੇ ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪਰੇਟਰ ਹਾਜ਼ਰ ਸਨ।



