Punjab News: ਨੌਜਵਾਨ ਨੇ ਕੀਤੀ ਖੁਦਕੁਸ਼ੀ! ਸੁਨਿਆਰੇ ਅਤੇ ਸਾਥੀਆਂ ਤੇ ਲਗਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼
ਪੱਟੀ (ਤਰਨਤਾਰਨ) , 6 ਜੁਲਾਈ 2026
ਇੱਥੋਂ ਦੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਕੰਮ ਕਰਦੇ ਨੌਜਵਾਨ ਅਜੈਪਾਲ ਸਿੰਘ (ਪੁੱਤਰ ਸਤਨਾਮ ਸਿੰਘ) ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜ਼ਹਿਰੀਲੀ ਚੀਜ਼ (ਸਲਫਾਸ) ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਅਜੈਪਾਲ ਸਿੰਘ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਦੁਖਦਾਈ ਘਟਨਾ ਤੋਂ ਪਹਿਲਾਂ, ਮ੍ਰਿਤਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਵਿੱਚ ਉਸਨੇ ਪੱਟੀ ਦੇ ਇੱਕ ਸੁਨਿਆਰੇ ਅਤੇ ਉਸਦੇ ਤਿੰਨ ਸਾਥੀਆਂ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਅਜੈਪਾਲ ਨੇ ਸਪੱਸ਼ਟ ਕੀਤਾ ਕਿ ਇਹ ਵਿਅਕਤੀ ਉਸਨੂੰ ਮਰਨ ਲਈ ਮਜਬੂਰ ਕਰ ਰਹੇ ਹਨ।
ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਅਜੈਪਾਲ ਪਿਛਲੇ 12-13 ਸਾਲਾਂ ਤੋਂ ਉਕਤ ਸੁਨਿਆਰੇ ਦੀ ਦੁਕਾਨ ‘ਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਸੀ। ਜਦੋਂ ਅਜੈਪਾਲ ਨੇ ਕੰਮ ਛੱਡਣ ਦੀ ਇੱਛਾ ਪ੍ਰਗਟਾਈ, ਤਾਂ ਦੁਕਾਨ ਮਾਲਕ ਨੇ ਉਸ ‘ਤੇ ਲੱਖਾਂ ਰੁਪਏ ਦੀ ਚੋਰੀ ਕਰਨ ਦਾ ਝੂਠਾ ਦੋਸ਼ ਲਾ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਲਕ ਕੋਲ ਜਾ ਕੇ ਸਪੱਸ਼ਟੀਕਰਨ ਵੀ ਦਿੱਤਾ, ਪਰ ਮੁਲਜ਼ਮਾਂ ਨੇ ਉਸਦੀ ਇੱਕ ਨਾ ਸੁਣੀ। ਸੁਨਿਆਰਾ ਅਤੇ ਉਸਦੇ ਸਾਥੀ ਲਗਾਤਾਰ ਅਜੈਪਾਲ ‘ਤੇ 15 ਲੱਖ ਰੁਪਏ ਦੇਣ ਲਈ ਦਬਾਅ ਪਾ ਰਹੇ ਸਨ, ਜਿਸ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਮਾਨਸਿਕ ਤਣਾਅ ਵਿੱਚ ਸੀ।
ਪੀੜਤ ਪਰਿਵਾਰ ਨੇ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਇਸ ਮਾਮਲੇ ਸਬੰਧੀ ਥਾਣਾ ਸਿਟੀ ਪੱਟੀ ਦੇ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਚਾਰ ਮੁਲਜ਼ਮਾਂ ਖਿਲਾਫ਼ ਧਾਰਾ 306 (ਖੁਦਕੁਸ਼ੀ ਲਈ ਮਜਬੂਰ ਕਰਨ) ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਬਖਸ਼ੇ ਨਹੀਂ ਜਾਣਗੇ।



