ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਭਾਕਿਯੂ ਦੋਆਬਾ ਨੇ ਖੋਲ੍ਹਿਆ ਮੋਰਚਾ, ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ

Top Trending News ਪੰਜਾਬ

 

ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਭਾਕਿਯੂ ਦੋਆਬਾ ਨੇ ਖੋਲ੍ਹਿਆ ਮੋਰਚਾ, ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ

ਫਗਵਾੜਾ, 7 ਜੁਲਾਈ 2026

ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਸੂਬੇ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੋਆਬਾ ਨੇ ਇਸ ਨੀਤੀ ਨੂੰ ਸਿੱਧੇ ਤੌਰ ‘ਤੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਹੈ।

ਭਾਕਿਯੂ ਦੋਆਬਾ ਦੇ ਸਰਕਲ ਫਗਵਾੜਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਅਤੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਸਾਂਝੇ ਤੌਰ ‘ਤੇ ਕਿਹਾ ਕਿ ਜੇਕਰ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਦੇ ਨਾਂ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ, ਤਾਂ ਜਥੇਬੰਦੀ ਇਸਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੀ ਜ਼ਮੀਨ ਅਤੇ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ।

ਆਗੂਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਵਿਕਾਸ ਦੇ ਨਾਂ ਹੇਠ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਬਿਲਡਰਾਂ ਦੀ ਝੋਲੀ ਭਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀਯੋਗ ਜ਼ਮੀਨ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸ ਨਾਲ ਖਿਲਵਾੜ ਕਰਨਾ ਸੂਬੇ ਦੇ ਭਵਿੱਖ ਨੂੰ ਹਨੇਰੇ ਵੱਲ ਧੱਕਣ ਦੇ ਬਰਾਬਰ ਹੈ।

ਪਹਿਲਾਂ ਹੀ ਖੇਤੀ ਸੰਕਟ ਅਤੇ ਡਿੱਗਦੇ ਭੂ-ਜਲ ਪੱਧਰ ਨਾਲ ਜੂਝ ਰਹੇ ਕਿਸਾਨਾਂ ਨੂੰ ਸਰਕਾਰ ਵੱਲੋਂ ਹੋਰ ਆਰਥਿਕ ਮੁਸੀਬਤਾਂ ਵਿੱਚ ਧੱਕਿਆ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਭਾਕਿਯੂ ਦੋਆਬਾ ਇਸ ਨੀਤੀ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਮੁਹਿੰਮ ਚਲਾਏਗੀ। ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਹਾਸਲ ਕਰਨ ਦੇ ਕਿਸੇ ਵੀ ਯਤਨ ਦਾ ਨਤੀਜਾ ਸਰਕਾਰ ਲਈ ਗੰਭੀਰ ਹੋਵੇਗਾ। ਅੰਤ ਵਿੱਚ ਉਨ੍ਹਾਂ ਮੰਗ ਕੀਤੀ ਕਿ ਕਿਸਾਨ ਹਿਤੈਸ਼ੀ ਨੀਤੀਆਂ ਬਣਾਉਣ ਦੀ ਬਜਾਏ, ਸਰਕਾਰ ਇਸ ਮਾਰੂ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।