Punjab News: ਪੁਲਿਸ ਥਾਣੇ ‘ਚ ਜ਼ੋਰਦਾਰ ਧਮਾਕਾ, ਇਮਾਰਤ ਨੂੰ ਨੁਕਸਾਨ; ਜਾਂਚ ਜਾਰੀ
ਮੋਗਾ, 9 ਜੁਲਾਈ 2026
ਜ਼ਿਲ੍ਹਾ ਮੋਗਾ ਦੇ ਥਾਣਾ ਸਦਰ ਅਧੀਨ ਆਉਂਦੇ ਖੇਤਰ ਵਿੱਚ ਅੱਜ ਤੜਕਸਾਰ ਇੱਕ ਭੇਤਭਰੇ ਹਾਲਾਤਾਂ ਵਿੱਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਬੁੱਧਵਾਰ ਤੜਕੇ ਕਰੀਬ 3:00 ਵਜੇ ਵਾਪਰੀ, ਜਿਸਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ। ਧਮਾਕਾ ਇੰਨਾ ਭਿਆਨਕ ਸੀ ਕਿ ਥਾਣੇ ਦੀ ਇਮਾਰਤ ਦੇ ਕਈ ਹਿੱਸਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕੰਧਾਂ ਵਿੱਚ ਤਰੇੜਾਂ ਆ ਗਈਆਂ ਹਨ।
ਸਭ ਤੋਂ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ, ਧਮਾਕੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਕੁਝ ਹੀ ਸਮੇਂ ਵਿੱਚ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫੋਰੈਂਸਿਕ ਮਾਹਿਰਾਂ ਵੱਲੋਂ ਘਟਨਾ ਸਥਾਨ ਤੋਂ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਕੀ ਇਹ ਧਮਾਕਾ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੀਤਾ ਗਿਆ ਹੈ ਜਾਂ ਇਸ ਦੇ ਪਿੱਛੇ ਕੋਈ ਤਕਨੀਕੀ ਕਾਰਨ ਹੈ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੂਜੇ ਪਾਸੇ, ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਇਸ ਮਾਮਲੇ ‘ਤੇ ਚੁੱਪੀ ਸਾਧੀ ਬੈਠੇ ਹਨ। ਮੀਡੀਆ ਵੱਲੋਂ ਜਦੋਂ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਕਿਸੇ ਵੀ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ, ਜਿਸ ਕਾਰਨ ਮਾਮਲੇ ਦੀ ਗੰਭੀਰਤਾ ਨੂੰ ਲੈ ਕੇ ਸ਼ੰਕੇ ਹੋਰ ਡੂੰਘੇ ਹੋ ਗਏ ਹਨ।
ਇਸ ਦੌਰਾਨ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਧਮਾਕੇ ਦਾ ਜ਼ਿਕਰ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਗੰਭੀਰ ਦੱਸਦਿਆਂ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲੀਆ ਨਿਸ਼ਾਨ ਲਗਾਏ ਹਨ। ਫਿਲਹਾਲ ਪੂਰੇ ਇਲਾਕੇ ਨੂੰ ਪੁਲਿਸ ਨੇ ਘੇਰੇ ਵਿੱਚ ਲਿਆ ਹੋਇਆ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਹਰ ਪਾਸੇ ਇਸ ਧਮਾਕੇ ਦੀ ਚਰਚਾ ਹੈ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।



