- ਵੱਡੀ ਖ਼ਬਰ: ਡਿਊਟੀ ਦੌਰਾਨ BLO ਅਧਿਆਪਕ ‘ਤੇ ਜਾਨਲੇਵਾ ਹਮਲਾ !
ਪਟਿਆਲਾ, 10 ਜੁਲਾਈ (ਦੇਸ਼ ਕਲਿੱਕ ਬਿਊਰੋ): ਪਟਿਆਲਾ ਦੇ ਆਨੰਦ ਨਗਰ-ਬੀ ਇਲਾਕੇ ਵਿੱਚ ਐਸ.ਆਈ.ਆਰ. (SIR) ਡਿਊਟੀ ਦੌਰਾਨ ਬੀ.ਐੱਲ.ਓ. (BLO) ਵਜੋਂ ਸੇਵਾਵਾਂ ਨਿਭਾ ਰਹੇ ਈ.ਟੀ.ਟੀ. ਅਧਿਆਪਕ ਹਰਪ੍ਰੀਤ ਸਿੰਘ ‘ਤੇ ਇੱਕ ਵਿਅਕਤੀ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਅਤੇ ਕੁੱਟਮਾਰ ਦੀ ਘਟਨਾ ਤੋਂ ਬਾਅਦ ਸਮੁੱਚੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਹਮਲੇ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ (DC) ਦਫ਼ਤਰ ਅੱਗੇ ਇੱਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਅਧਿਆਪਕ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨਾਲ ਅਜਿਹੀ ਬਦਸਲੂਕੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਅੱਗੇ ਮੁੱਖ ਤੌਰ ‘ਤੇ ਤਿੰਨ ਮੰਗਾਂ ਰੱਖੀਆਂ ਗਈਆਂ ਹਨ। ਅਧਿਆਪਕ ਹਰਪ੍ਰੀਤ ਸਿੰਘ ‘ਤੇ ਹਮਲਾ ਕਰਨ ਵਾਲੇ ਦੋਸ਼ੀ ਵਿਅਕਤੀ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਫੀਲਡ ਵਿੱਚ ਡਿਊਟੀ ਨਿਭਾ ਰਹੇ ਸਮੂਹ ਬੀ.ਐੱਲ.ਓਜ਼ ਅਤੇ ਹੋਰ ਕਰਮਚਾਰੀਆਂ ਲਈ ਸੁਰੱਖਿਅਤ ਅਤੇ ਦਬਾਅ-ਮੁਕਤ ਮਾਹੌਲ ਯਕੀਨੀ ਬਣਾਇਆ ਜਾਵੇ। ਪ੍ਰਸ਼ਾਸਨ ਵੱਲੋਂ ਸਕੂਲ ਡਿਊਟੀ ਦੇ ਨਾਲ-ਨਾਲ ਅਧਿਆਪਕਾਂ ਸਿਰ ਧੱਕੇ ਨਾਲ ਮੜ੍ਹੀਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ (ਜਿਵੇਂ ਨਸ਼ਾ ਵਿਰੋਧੀ ਮੁਹਿੰਮ ਅਤੇ ਜਨਗਣਨਾ) ਨੂੰ ਤੁਰੰਤ ਬੰਦ ਕੀਤਾ ਜਾਵੇ, ਤਾਂ ਜੋ ਅਧਿਆਪਕ ਕੇਵਲ ਬੱਚਿਆਂ ਨੂੰ ਪੜ੍ਹਾਉਣ ਦੇ ਕੰਮ ਵੱਲ ਧਿਆਨ ਦੇ ਸਕਣ।
ਰੋਸ ਪ੍ਰਦਰਸ਼ਨ ਦੌਰਾਨ ਏ.ਡੀ.ਸੀ. (ਸ਼ਹਿਰੀ) ਨਵਰੀਤ ਕੌਰ ਸੇਖੋਂ ਨੇ ਮੁਜ਼ਾਹਰਾਕਾਰੀਆਂ ਕੋਲ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਅਧਿਆਪਕ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਦੂਜੇ ਪਾਸੇ, ਜਥੇਬੰਦੀ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ਦਾ ਸਮਾਂ-ਬੱਧ ਹੱਲ ਨਾ ਹੋਇਆ ਅਤੇ ਦੋਸ਼ੀ ਸਲਾਖਾਂ ਪਿੱਛੇ ਨਾ ਸੁੱਟਿਆ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਆਗੂ ਰਾਮ ਸ਼ਰਨ ਅਲੋਹਰਾਂ, ਗੁਰਜੀਤ ਘੱਗਾ, ਰਾਜਿੰਦਰ ਸਮਾਣਾ, ਜਗਜੀਤ ਜਟਾਣਾ, ਕ੍ਰਿਸ਼ਨ ਚੌਹਾਣਕੇ, ਪ੍ਰਿਤਪਾਲ ਸਿੰਘ ਚਾਹਲ, ਪਰਮਵੀਰ ਪੰਮੀ, ਦੀਦਾਰ ਸਿੰਘ (GTU), ਜਸਵਿੰਦਰ ਸੋਜਾ (ਪ.ਸ.ਸ.ਫ.) ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।



