BREAKING- ਪੰਜਾਬ ਭਰ ਦੇ ਟੋਲ ਪਲਾਜ਼ੇ 14 ਜੁਲਾਈ ਨੂੰ ਕੀਤੇ ਜਾਣਗੇ ਮੁਫ਼ਤ (Toll plazas across Punjab to be made free on July 14)- ਡੱਲੇਵਾਲ ਦਾ ਵੱਡਾ ਐਲਾਨ
ਲੈਂਡ ਪੂਲਿੰਗ ਨੀਤੀ ਅਤੇ ਬੈਂਕ ਧੋਖਾਧੜੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ; 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਮੁਫ਼ਤ
ਚੰਡੀਗੜ੍ਹ/ਬਰਨਾਲਾ, 11 ਜੁਲਾਈ 2026- Toll plazas across Punjab to be made free on July 14! ਪੰਜਾਬ ਵਿੱਚ ਕਿਸਾਨੀ ਮੰਗਾਂ ਅਤੇ ਸਰਕਾਰ ਦੀਆਂ ਕਥਿਤ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕ ਵਾਰ ਫਿਰ ਵੱਡਾ ਅੰਦੋਲਨ ਸ਼ੁਰੂ ਹੋਣ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (SKM) ਗ਼ੈਰ-ਰਾਜਨੀਤਕ ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੈਂਡ ਮਾਰਗੇਜ ਬੈਂਕ ਦੀ ਕਥਿਤ ਧੋਖਾਧੜੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਅਤੇ ਹੋਰ ਹੱਕੀ ਮੰਗਾਂ ਦੇ ਸਮਰਥਨ ਵਿੱਚ 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਕਿਸਾਨ ਆਗੂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੀ ਗਈ ‘ਲੈਂਡ ਪੂਲਿੰਗ ਨੀਤੀ’ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੈ। ਇਸ ਨੀਤੀ ਦੇ ਰਸਤੇ ਕਿਸਾਨਾਂ ਦੀਆਂ ਉਪਜਾਊ ਅਤੇ ਜ਼ਰਖੇਜ਼ ਜ਼ਮੀਨਾਂ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੀਆਂ।
ਡੱਲੇਵਾਲ ਨੇ ਦੱਸਿਆ ਕਿ ਲੈਂਡ ਮਾਰਗੇਜ ਬੈਂਕ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬੀਤੀ 30 ਮਾਰਚ ਤੋਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਕਿਸਾਨਾਂ ਦੇ ਪੱਕੇ ਧਰਨੇ ਜਾਰੀ ਹਨ। ਫ਼ਰੀਦਕੋਟ ਦੇ ਪਿੰਡ ‘ਹਰੀ ਨੌ’ ਦੇ ਇੱਕ ਪੀੜਤ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਇਸ ਅੰਦੋਲਨ ਦਾ ਇੱਕ ਮੁੱਖ ਹਿੱਸਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਅਤੇ ਸਰਕਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਲਟਾ ਅੰਦੋਲਨ ਕਰ ਰਹੇ ਸ਼ਾਂਤਮਈ ਕਿਸਾਨਾਂ ‘ਤੇ ਹੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਜਗਜੀਤ ਸਿੰਘ ਡੱਲੇਵਾਲ ਨੇ ਸਾਫ਼ ਕੀਤਾ ਕਿ 14 ਜੁਲਾਈ ਨੂੰ ਟੋਲ ਪਲਾਜ਼ੇ ਮੁਫ਼ਤ ਕਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ, ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ‘ਲੈਂਡ ਪੂਲਿੰਗ ਨੀਤੀ’ ਨੂੰ ਤੁਰੰਤ ਰੱਦ ਕੀਤਾ ਜਾਵੇ।
ਲੈਂਡ ਮਾਰਗੇਜ ਬੈਂਕ ਧੋਖਾਧੜੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੀੜਤ ਕਿਸਾਨਾਂ ਨੂੰ ਇਨਸਾਫ਼ ਮਿਲੇ। ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ (Free Trade Agreement) ਵਿੱਚੋਂ ਦੇਸ਼ ਦੇ ਖੇਤੀਬਾੜੀ, ਡੇਅਰੀ ਅਤੇ ਪੋਲਟਰੀ (ਮੁਰਗੀ ਪਾਲਣ) ਖੇਤਰ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ ਤਾਂ ਜੋ ਸਥਾਨਕ ਕਿਸਾਨ ਬਰਬਾਦ ਹੋਣ ਤੋਂ ਬਚ ਸਕਣ। ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।



