ਅੰਮ੍ਰਿਤਸਰ: ਸੋਨੇ ਦੇ ਲੈਣ-ਦੇਣ ਦੇ ਵਿਵਾਦ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ, 12 ਜੁਲਾਈ 2026
ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਅਪਰਾਧਿਕ ਘਟਨਾਵਾਂ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਥਾਣਾ ਬੀ-ਡਿਵੀਜ਼ਨ ਅਧੀਨ ਆਉਂਦੇ ਇਲਾਕੇ ਟਾਹਲੀ ਵਾਲਾ ਚੌਕ ਵਿਖੇ ਸੋਨੇ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਵਾਸੀ ਹੁਸੈਨਪੁਰਾ ਚੌਕ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਪਾਲ ਸਿੰਘ ਅੱਜ ਸਵੇਰੇ ਆਪਣੀ ਦੁਕਾਨ ‘ਤੇ ਮੌਜੂਦ ਸੀ। ਇਸੇ ਦੌਰਾਨ ਜਸਦੀਪ ਸਿੰਘ ਚੰਨ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਉੱਥੇ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਪੁਰਾਣਾ ਵਿਵਾਦ ਚੱਲ ਰਿਹਾ ਸੀ। ਦੁਕਾਨ ‘ਤੇ ਪਹੁੰਚਦਿਆਂ ਹੀ ਗੱਲਬਾਤ ਤਿੱਖੀ ਹੋ ਗਈ ਅਤੇ ਮਾਮੂਲੀ ਤਕਰਾਰ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਜਸਦੀਪ ਸਿੰਘ ਚੰਨ ਨੇ ਆਪਣਾ ਹਥਿਆਰ ਕੱਢ ਕੇ ਸਿਮਰਨਪਾਲ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸਿਮਰਨਪਾਲ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਖੂਨ ਨਾਲ ਲੱਥਪੱਥ ਹੋ ਕੇ ਉੱਥੇ ਹੀ ਡਿੱਗ ਪਿਆ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਆਸ-ਪਾਸ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਖਮੀ ਸਿਮਰਨਪਾਲ ਸਿੰਘ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਵਿੱਚ ਕੋਹਰਾਮ ਮੱਚ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਏਡੀਸੀਪੀ ਹਰਪਾਲ ਸਿੰਘ ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮੁੱਖ ਦੋਸ਼ੀ ਜਸਦੀਪ ਸਿੰਘ ਚੰਨ ਅਤੇ ਉਸਦੇ ਸਾਥੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਦਿਨ-ਦਿਹਾੜੇ ਗੋਲੀਆਂ ਚਲਾ ਕੇ ਕਤਲ ਕਰਨਾ ਪੁਲਿਸ ਦੇ ਡਰ ਦੀ ਘਾਟ ਨੂੰ ਦਰਸਾਉਂਦਾ ਹੈ।



