ਸਤਲੁਜ ਦਰਿਆ ਕੰਢੇ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਅਰਦਾਸ ਸਮਾਗਮ ਅੱਜ; ਵਿਸ਼ੇਸ਼ ਤੌਰ ‘ਤੇ ਪਹੁੰਚਣਗੇ ਜਥੇਦਾਰ ਅਕਾਲ ਤਖ਼ਤ ਸਾਹਿਬ
ਹਰੀਕੇ ਪੱਤਣ, 14 ਜੁਲਾਈ 2026
ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਯੋਧੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਉਸ ਦੌਰ ਵਿੱਚ ਲਾਪਤਾ ਹੋਏ ਹੋਰ ਨੌਜਵਾਨਾਂ ਦੀ ਯਾਦ ਵਿੱਚ ਅੱਜ ਮੰਗਲਵਾਰ, 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਇੱਕ ਵਿਸ਼ੇਸ਼ ਅਰਦਾਸ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਅਰਦਾਸ ਕਰਨਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਅਤੇ ਸਮਾਗਮ ਦੇ ਪ੍ਰਬੰਧਕ ਜਥੇਦਾਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਇਤਿਹਾਸਕ ਅਤੇ ਭਾਵੁਕ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ 6 ਵਜੇ ਸਤਲੁਜ ਦਰਿਆ ਦੇ ਕੰਢੇ ਸਜਾਏ ਗਏ ਪੰਡਾਲ ਵਿੱਚ ਸਭ ਤੋਂ ਪਹਿਲਾਂ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ।
ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ, ਜਿਸ ਤੋਂ ਬਾਅਦ ਰਾਗੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ। ਇਹ ਸਮਾਗਮ ਉਨ੍ਹਾਂ ਸੰਘਰਸ਼ੀ ਯੋਧਿਆਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਸੰਗਤਾਂ ਦੀ ਸਹੂਲਤ ਲਈ ਗੁਰੂ ਕੇ ਲੰਗਰਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਜਥੇਦਾਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਇਨ੍ਹਾਂ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ। ਇਹ ਸਮਾਗਮ ਨਾ ਸਿਰਫ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਜ਼ਰੀਆ ਹੈ, ਸਗੋਂ ਨਵੀਂ ਪੀੜ੍ਹੀ ਨੂੰ ਇਤਿਹਾਸ ਦੇ ਉਸ ਸੰਘਰਸ਼ਮਈ ਦੌਰ ਤੋਂ ਜਾਣੂ ਕਰਵਾਉਣ ਦਾ ਇੱਕ ਅਹਿਮ ਉਪਰਾਲਾ ਵੀ ਹੈ।



